ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ
ਮਾਨਸਾ ਦੇ ਭਾਜਪਾ ਆਗੂ ਨੇ ਕਤਲਕਾਂਡ ਦੀ ਜਾਂਚ ਕੇਂਦਰੀ ਏਜੰਸੀ ਕੋਲੋਂ ਕਰਵਾਉਣ ਦੀ ਕੀਤੀ ਹੈ ਮੰਗ
ਚੰਡੀਗੜ੍ਹ,11 ਜੁਲਾਈ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਸੁਪਰੀਮ ਕੋਰਟ ਵਿੱਚ ਦਰਜ ਪਟੀਸ਼ਨ ਵਿੱਚ ਮੂਸੇਵਾਲਾ ਕਤਲ ਕੇਸ ਦੀ ਜਾਂਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੂੰ ਸੌਂਪਣ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਮਾਨਸਾ ਦੇ ਭਾਜਪਾ ਆਗੂ ਜਗਜੀਤ ਮਿਲਖਾ ਨੇ ਪਾਈ ਹੈ। ਉਹਨਾਂ ਦਾ ਕਹਿਣਾ ਹੈ ਕਿ ਰਕ ਹੈ ਕਿ ਮੂਸੇਵਾਲਾ ਕਤਲੇਆਮ ਦੀਆਂ ਕੜੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹਨ। ਅਜਿਹੇ ‘ਚ ਪੰਜਾਬ ਪੁਲਿਸ ਇਸ ਦੀ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਪਾ ਰਹੀ ਹੈ। ਇਹ ਕੇਸ ਕੇਂਦਰੀ ਏਜੰਸੀ ਨੂੰ ਸੌਂਪਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੀ ਇਸ ਮਾਮਲੇ ‘ਚ ਮੂਸੇਵਾਲਾ ਦੀ ਸੁਰੱਖਿਆ ਨੂੰ ਘੱਟ ਕਰਨ ਨੂੰ ਲੈ ਕੇ ਕਟਹਿਰੇ ‘ਚ ਹੈ। ਇਸ ਦੇ ਨਾਲ ਹੀ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਜਾਂਚ ‘ਤੇ ਸਵਾਲ ਖੜ੍ਹੇ ਕੀਤੇ ਹਨ।ਉਹਨਾਂ ਕਿਹਾ ਸੀ ਕਿ ਕਿ ਮੂਸੇਵਾਲਾ ਦਾ ਕਤਲ ਕਰਨ ਵਾਲੇ ਸਾਰੇ ਦੋਸ਼ੀ ਅਜੇ ਤੱਕ ਫੜੇ ਨਹੀਂ ਗਏ ਹਨ। ਉਨ੍ਹਾਂ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਵੀ ਕੀਤੀ ਸੀ।























