ਸਿੱਧੂ ਮੂਸੇਵਾਲਾ ਕਤਲਕਾਂਡ-ਪੰਜਾਬ ਪੁਲਿਸ ਦੀ ‘ਐਂਟੀ ਗੈਂਗਸਟਰ ਟਾਸਕ ਫੋਰਸ’ ਦੇ ਏਡੀਜੀਪੀ ਪ੍ਰਮੋਦ ਬਾਨ ਕਰਨਗੇ ਪ੍ਰੈੱਸ ਕਾਨਫਰੰਸ
ਚੰਡੀਗੜ੍ਹ,23 ਜੂਨ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਅੱਜ ਸ਼ਾਮ 5 ਵਜੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ ਪ੍ਰਮੋਦ ਬਾਨ ਪ੍ਰੈਸ ਕਾਨਫਰੰਸ ਕਰਨਗੇ। ਇਹ ਦੂਜਾ ਮੌਕਾ ਹੋਵੇਗਾ ਜਦੋਂ ਪੰਜਾਬ ਪੁਲਿਸ ਇਸ ਮਾਮਲੇ ਨੂੰ ਲੈ ਕੇ ਮੀਡੀਆ ਦੇ ਰੂਬਰੂ ਹੋਵੇਗੀ। ਦੱਸ ਦਈਏ ਕਿ ਇਸਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਵੀਕੇ ਭਵਰਾ ਵੱਲੋਂ ਸਿੱਧੂ ਦੇ ਕਤਲ ਤੋਂ ਤੁਰੰਤ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ। ਅੱਜ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਏਜੀਟੀਐੱਫ ਦੇ ਏਡੀਜੀਪੀ ਪ੍ਰੈੱਸ ਕਾਨਫਰੰਸ ਕਰਨਗੇ। ਉਹ ਮੂਸੇਵਾਲਾ ਕਤਲ ਕਾਂਡ ਵਿੱਚ ਹੁਣ ਤੱਕ ਹੋਈ ਕਾਰਵਾਈ ਦਾ ਵੇਰਵਾ ਦੇਣਗੇ। ਜਿਕਰਯੋਗ ਹੈ ਕਿ ਇਸ ਮਾਮਲੇ ‘ਚ ਸਭ ਤੋਂ ਅਹਿਮ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਗੈਂਗਸਟਰ ਲਾਰੈਂਸ ਤੋਂ ਪੁੱਛਗਿੱਛ ਜਾਰੀ ਹੈ। ਲਾਰੈਂਸ ਪਿਛਲੇ 8 ਦਿਨਾਂ ਤੋਂ ਪੰਜਾਬ ਪੁਲਿਸ ਕੋਲ ਹੈ।ਪੁੱਛਗਿੱਛ ਦੌਰਾਨ ਉਸਨੇ ਕੀ ਖੁਲਾਸੇ ਕੀਤੇ ਹਨ ਇਸ ਬਾਰੇ ਅੱਜ ਪੁਲਿਸ ਜਾਣਕਾਰੀ ਸਾਂਝੀ ਕਰ ਸਕਦੀ ਹੈ।




















