ਮਾਨਸਾ, 29 ਮਈ (ਵਿਸ਼ਵ ਵਾਰਤਾ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਅੱਜ ਉਨ੍ਹਾਂ ਦੀ ਦੂਜੀ ਬਰਸੀ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ਵਿਖੇ ਸੰਖੇਪ ਰੂਪ ਵਿਚ ਮਨਾਈ ਗਈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਕਾਂਗਰਸ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਕਾਂਗਰਸ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰ ਅਤੇ ਪਿੰਡ ਨਿਵਾਸੀ ਮੌਜੂਦ ਸਨ।
ਉਧਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਅੱਜ ਦੇਸ਼ ਅਤੇ ਵਿਦੇਸ਼ ਵਿੱਚ ਕਈ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਬੇਹੱਦ ਭਾਵੁਕ ਹੁੰਦੇ ਹੋਏ ਨਜ਼ਰ ਆ ਰਹੇ ਹਨ। ਮਾਤਾ ਚਰਨ ਕੌਰ ਵੱਲੋਂ ਆਪਣੇ ਪੁੱਤਰ ਨੂੰ ਅੱਜ ਯਾਨੀ 29 ਮਈ ਨੂੰ ਇੱਕ ਵਾਰ ਫਿਰ ਯਾਦ ਕਰਦਿਆਂ ਭਾਵੁਕ ਪੋਸਟ ਸ਼ੇਅਰ ਕੀਤੀ ਗਈ ਹੈ।
ਇਸ ਪੋਸਟ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ।
ਮਾਤਾ ਚਰਨ ਕੌਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਿੱਧੂ ਨਾਲ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ, ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਆ… ਪੁੱਤ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾ ਕਿਸੇ ਗੁਨਾਹ ਤੋਂ ਬਣੇ ਦੁਸ਼ਮਣਾ ਨੇ ਮੇਰੀ ਕੁੱਖ ਚੋ ਖੋਹ ਲਿਆ, ਤੇ ਪੁੱਤ ਅਜਿਹਾ ਹਨੇਰਾ ਕੀਤਾ ਜਿਸ ਮਗਰੋਂ ਉਮੀਦ ਦਾ ਸੂਰਜ ਚੜਨ ਦੀ ਉਮੀਦ ਖੁਦ ਉਮੀਦ ਨੂੰ ਵੀ ਨਹੀ ਸੀ, ਪਰ ਬੇਟਾ ਗੁਰੂ ਮਾਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ ਸੀ। ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ, ਬੇਟਾ ਮੈਂ ਤੇ ਤੁਹਾਡੇ ਬਾਪੂ ਜੀ ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿੱਚ ਬਰਕਰਾਰ ਰੱਖਾਂਗੇ, ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਆ ਜੋ ਮੈਂ ਇਹਨਾਂ ਦੋ ਸਾਲਾਂ ਤੋ ਕਰਦੀ ਆ ਰਹੀ ਆ ਪੁੱਤ ਅੱਜ ਦਾ ਦਿਨ ਬੜਾ ਔਖਾ ਪੁੱਤ।
ਇਥੇ ਜ਼ਿਕਰਯੋਗ ਹੈ ਕਿ 29 ਮਈ, 2022 ਦੀ ਸ਼ਾਮ ਮਸ਼ਹੂਰ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਇਆ ਗਿਆ, ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।
ਭੋਗ ਸਮਾਗਮ ਤੋਂ ਬਾਅਦ ਮੰਚ ਤੋਂ ਜੀਤ ਮਹਿੰਦਰ ਸਿੰਘ,ਯਾਦਵ, ਪੀਰ ਮੁਹੰਮਦ ਅਤੇ ਬਲਕੌਰ ਸਿੰਘ ਸਿੱਧੂ ਨੇ ਸੰਬੋਧਨ ਕੀਤਾ। ਬਲਕੌਰ ਸਿੰਘ ਸਿੱਧੂ ਨੇ ਮੂਸੇ ਵਾਲੇ ਦੇ ਇਨਸਾਫ ਲਈ ਜੰਗ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।