ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ,ਪਿਤਾ ਬਲਕੌਰ ਸਿੰਘ ਨੇ ਕੀਤਾ ਐਲਾਨ
ਮਾਨਸਾ ,4 ਮਾਰਚ (ਵਿਸ਼ਵ ਵਾਰਤਾ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ 19 ਮਾਰਚ 2023 ਨੂੰ ਆਪਣੇ ਬੇਟੇ ਦੀ ਬਰਸੀ ਦਾ ਐਲਾਨ ਕੀਤਾ ਹੈ। ਇਹ ਬਰਸੀ ਮਾਨਸਾ ਵਿਖੇ ਇੱਕ ਸਮਾਗਮ ਦੌਰਾਨ ਜਾਵੇਗੀ, ਜਿਸ ਵਿੱਚ ਕਾਫੀ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ।
ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਭੀੜ ਦੇ ਇਕੱਠ ਅਤੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ ਦੀ ਬਰਸੀ ਨੂੰ ਮਾਰਚ ਵਿੱਚ ਹੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ‘ਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਨੂੰ ਇੱਕ ਸਾਲ ਬੀਤ ਚੁੱਕਾ ਹੈ ਅਤੇ ਪਰਿਵਾਰ ਅਜੇ ਵੀ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਹੁਣ ਤੱਕ ਪੁਲੀਸ ਸਿੱਧੂ ਮੂਸੇਵਾਲਾ ਦੇ ਕਾਤਲਾਂ ਤੱਕ ਪਹੁੰਚ ਚੁੱਕੀ ਹੈ, ਪਰ ਇਸ ਸਾਜ਼ਿਸ਼ ਪਿੱਛੇ ਕੌਣ ਸੀ, ਇਸ ਬਾਰੇ ਨਾ ਤਾਂ ਸਰਕਾਰ ਅਤੇ ਨਾ ਹੀ ਪੁਲੀਸ ਉਨ੍ਹਾਂ ਦੀ ਗੱਲ ਸੁਣ ਰਹੀ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵੀ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਵਿੱਢੀ ਹੋਈ ਹੈ। ਪਿਛਲੇ 9 ਮਹੀਨਿਆਂ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਕਰੀਬ 32 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦੋਂ ਕਿ ਪਿਛਲੇ ਦਿਨੀਂ ਜੇਲ੍ਹ ਵਿੱਚ ਦੋ ਦਾ ਕਤਲ ਹੋ ਗਿਆ ਸੀ ਅਤੇ ਉਸ ਤੋਂ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੁਲੀਸ ਮੁਕਾਬਲੇ ਵਿਚ ਮਾਰੇ ਗਏ ਸਨ।