ਸੁਖਜਿੰਦਰ ਰੰਧਾਵਾ ਨੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਲਿਖੀ ਚਿੱਠੀ,ਬਾਦਲਾਂ ਨੂੰ ਪੰਥ ਵਿੱਚੋਂ ਖਾਰਜ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ,4 ਜਨਵਰੀ(ਵਿਸ਼ਵ ਵਾਰਤਾ)-: ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਏ ਗਏ ਰੋਸ ਦਿਵਸ ਮੌਕੇ,ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਕੀਤੇ ਜਾ ਰਹੇ ਉਪਰਾਲੇ ‘ਤੇ ਚਿੰਤਾ ਪ੍ਰਗਟਾਈ ਹੈ। ਉਹਨਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਹਨਾਂ ਦੇ ਬੇਟੇ ਸੁਖਬੀਰ ਬਾਦਲ ਨੂੰ ਉਹਨਾਂ ਦੀਆਂ ਪੰਥ ਵਿਰੋਧੀ ਕਾਰਵਾਈਆਂ ਕਰਕੇ ਪੰਥ ਵਿੱਚੋਂ ਖਾਰਜ ਕਰਨ ਦੀ ਅਪੀਲ ਵੀ ਕੀਤੀ ਹੈ।
ਜੱਥੇਦਾਰ ਨੂੰ ਲਿਖੇ ਖਤ ਵਿੱਚ ਰੰਧਾਵਾ ਨੇ ਬਾਦਲ ਪਰਿਵਾਰ ‘ਤੇ ਡੇਰਾ ਸੱਚਾ ਸੌਦਾ ਦੇ ‘ਜਾਮ-ਏ-ਇੰਸਾ’ ਦਾ ਸੇਵਨ ਕਰਨ ਵਾਲਿਆਂ ਨੂੰ ਬਠਿੰਡਾ ਜੇਲ੍ਹ ਵਿੱਚੋਂ ਜ਼ਮਾਨਤਾਂ ਦਿਵਾਉਣ ਅਤੇ 2015 ਜਾਂ ਉਸਤੋਂ ਬਾਅਦ ਹੋਣ ਵਾਲੀਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਜਿੰਮੇਵਾਰ ਵੀ ਠਹਿਰਾਇਆ ਹੈ। ਇਸ ਦੇ ਨਾਲ ਹੀ ਰੰਧਾਵਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਹੀ ਡੇਰਾ ਮੁਖੀ ਨੂੰ ਮੁਆਫੀ ਦੇਣ ਜੱਥੇਦਾਰ ਤੇ ਦਬਾਅ ਪਾਇਆ ਅਤੇ ਇਸ਼ਤਿਹਾਰ ਵੀ ਛਪਵਾਏ।






















