ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ‘ਚ ਵਾਧਾ :ਅਗਾਊਂ ਜ਼ਮਾਨਤ ਅਰਜ਼ੀ ਹੋਈ ਰੱਦ
ਪ੍ਰਕਾਸ਼ ਸਿੰਘ ਬਾਦਲ ਦੀ ਜ਼ਮਾਨਤ ਹੋਈ ਮਨਜ਼ੂਰ
ਚੰਡੀਗੜ੍ਹ,16ਮਾਰਚ(ਵਿਸ਼ਵ ਵਾਰਤਾ)-ਕੋਟਕਪੂਰਾ ਗੋਲੀ ਕਾਡ ਮਾਮਲੇ ਵਿੱਚ ਫ਼ਰੀਦਕੋਟ ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ-ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਦੋਹਾਂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 14 ਮਾਰਚ ਨੂੰ ਹੋਈ ਸੀ ਅਤੇ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਸੀ। ਪਹਿਲਾਂ ਇਹ ਫੈਸਲਾ 15 ਮਾਰਚ ਨੂੰ ਸੁਣਾਇਆ ਜਾਣਾ ਸੀ, ਪਰ ਅੱਜ ਇਸ ਮਾਮਲੇ ਤੇ ਸੁਣਵਾਈ ਪੂਰੀ ਹੋਈ ਹੈ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤੀ ਗਈ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਿਸ ਅਧਿਕਾਰੀਆਂ ਨੂੰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
ਕੋਟਕਪੂਰਾ ਗੋਲੀ ਕਾਂਡ ਵਿੱਚ, SIT ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਕਈ ਪੁਲਿਸ ਅਧਿਕਾਰੀਆਂ ਦੇ ਨਾਮ ਸ਼ਾਮਲ ਹਨ। 14 ਅਕਤੂਬਰ 2015 ਨੂੰ ਕੋਟਕਪੂਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਪੁਲਿਸ ਵੱਲੋਂ ਗੋਲੀ ਚਲਾਉਣ ਦੀ ਘਟਨਾ ਵਾਪਰੀ ਸੀ। ਪੰਜਾਬ ਵਿੱਚ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹਰ ਚੋਣ ਵਿੱਚ ਇੱਕ ਭਾਵਨਾਤਮਕ ਮੁੱਦਾ ਰਿਹਾ ਹੈ। ਜਿਸ ‘ਚ ਪੁਲਿਸ ‘ਤੇ ਵਧੀਕੀਆਂ ਦੇ ਦੋਸ਼ ਲਾਏ ਗਏ ਹਨ। ਇਸ ਘਟਨਾ ‘ਚ 2 ਲੋਕਾਂ ਦੀ ਮੌਤ ਹੋ ਗਈ ਸੀ। ਇਸ ਸਬੰਧੀ ਐਸਆਈਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ।