ਸੁਨੀਤਾ ਕੇਜਰੀਵਾਲ ਨੇ ਕੱਢੀ ਭੜਾਸ, ਕਿਹਾ ਤਾਨਾਸ਼ਾਹ ਦਾ ਹੋ ਜਾਵੇ ਵਿਨਾਸ਼
ਨਵੀਂ ਦਿੱਲੀ, 27ਜੂਨ (ਵਿਸ਼ਵ ਵਾਰਤਾ): ਸੀਬੀਆਈ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਹੈ। ਇਸ ਲੜੀ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਐਕਸ ‘ਤੇ ਪੋਸਟ ਪਾ ਕੇ ਗੁੱਸਾ ਜ਼ਾਹਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਮੁੱਖ ਮੰਤਰੀ ਕੇਜਰੀਵਾਲ ਦੀ ਇਹ ਗ੍ਰਿਫਤਾਰੀ ਦਿੱਲੀ ਆਬਕਾਰੀ ਨੀਤੀ ‘ਚ ਕਥਿਤ ਘਪਲੇ ਨੂੰ ਲੈ ਕੇ ਹੋਈ ਹੈ। ਉਨ੍ਹਾਂ ਨੇ ਐਕਸ ‘ਤੇ ਪੋਸਟ ਕਰਦੇ ਹੋਏ ਕਿਹਾ ਕਿ ਹੁਣ ਤੱਕ ਹਮੇਸ਼ਾ ਇਹੀ ਅਰਦਾਸ ਹੁੰਦੀ ਰਹੀ ਹੈ ਕਿ, ਪ੍ਰਮਾਤਮਾ ਸਾਰਿਆਂ ਨੂੰ ਬੁੱਧੀ ਦੇਵੇ ਪਰ ਹੁਣ ਅਰਦਾਸ ਹੋਵੇਗੀ ਕਿ ਤਾਨਾਸ਼ਾਹ ਦਾ ਨਾਸ਼ ਹੋ ਜਾਵੇ। ਸੀਬੀਆਈ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬੁੱਧਵਾਰ 26 ਜੂਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ। ਸੀਬੀਆਈ ਨੇ ਰਾਉਸ ਐਵੇਨਿਊ ਕੋਰਟ ਦੇ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਅਰਜ਼ੀ ਦਾਇਰ ਕਰਕੇ ਕੇਜਰੀਵਾਲ ਦੇ ਪੰਜ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ । ਸੀਬੀਆਈ ਦੀ ਅਰਜ਼ੀ ’ਤੇ ਦੋਵਾਂ ਧਿਰਾਂ ਦੀਆਂ ਲੰਬੀਆਂ ਦਲੀਲਾਂ ਸੁਣਨ ਮਗਰੋਂ ਛੁੱਟੀ ਵਾਲੇ ਜੱਜ ਨੇ ਕੇਜਰੀਵਾਲ ਨੂੰ ਤਿੰਨ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਗ੍ਰਿਫ਼ਤਾਰੀ ਸਬੰਧੀ ਸੀਬੀਆਈ ਜਾਂਚ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ।