ਸੁੰਦਰ ਸ਼ਾਮ ਅਰੋੜਾ ਵਲੋਂ ਵਾਰਡ ਨੰਬਰ 37 ’ਚ ਇੰਟਰ ਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 29 ਦਸੰਬਰ (ਵਿਸ਼ਵ ਵਾਰਤਾ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 37 ਦੀ ਸ਼ਾਮ ਗਲੀ ਵਿੱਚ ਇੰਟਰ ਲਾਕਿੰਗ ਟਾਈਲਾਂ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਨਾਗਰਿਕਾਂ ਨੂੰ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰਾਂ ਵਿੱਚ ਗਲੀਆਂ, ਓਪਨ ਜਿੰਮ, ਕਮਿਊਨਿਟੀ ਸੈਂਟਰ, ਸੀਵਰੇਜ਼ ਤੇ ਵਾਟਰ ਸਪਲਾਈ ਦੇ ਕੰਮ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ ਜਿਨ੍ਹਾਂ ਲਈ ਪੰਜਾਬ ਸਰਕਾਰ ਵਲੋਂ ਵੱਖ-ਵੱਖ ਜ਼ਿਲਿ੍ਹਆਂ ਨੂੰ ਲੋੜੀਂਦੀਆਂ ਗਰਾਂਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 37 ਵਿੱਚ ਇੰਟਰ ਲਾਕਿੰਗ ਟਾਈਲਾਂ ਦਾ ਕੰਮ 9.13 ਲੱਖ ਰੁਪਏ ਦੀ ਲਾਗਤ ਨਾਲ ਜਲਦ ਮੁਕੰਮਲ ਕਰਵਾਇਆ ਜਾਵੇਗਾ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਸਹੂਲਤ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ 60 ਤੋਂ ਵੱਧ ਵੱਖੋ-ਵੱਖਰੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਕੇਸ਼ ਮਰਵਾਹਾ, ਮਨਮੋਹਨ ਸਿੰਘ ਕਪੂਰ, ਗੋਪਾਲ ਵਰਮਾ, ਮੋਨਿਕਾ ਵਰਮਾ, ਸਾਬਕਾ ਕੌਂਸਲਰ ਸੁਦਰਸ਼ਨ ਧੀਰ, ਅਨਿਲ ਬੱਸੀ, ਰਵੀ ਦੱਤ ਸ਼ਰਮਾ, ਭਾਰਤ ਭੂਸ਼ਨ, ਆਸ਼ੂਤੋਸ਼ ਸ਼ਰਮਾ, ਪਵਨ ਜੈਨ, ਸੁਤੰਤਰ ਜੈਨ, ਪ੍ਰਦੀਪ ਸ਼ਰਮਾ, ਅਰੁਣ ਕੁਮਾਰ ਗੁਪਤਾ, ਸੰਜੀਵ ਕੁਮਾਰ, ਵਨੀਤਾ ਸ਼ਰਮਾ ਆਦਿ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਮੌਜੂਦ ਸਨ।






















