ਸੂਬੇ ‘ਚ ਝੋਨੇ ਦੀ ਲਿਫਟਿੰਗ ਮਾਮਲੇ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ
ਚੰਡੀਗੜ੍ਹ, 30ਅਕਤੂਬਰ(ਵਿਸ਼ਵ ਵਾਰਤਾ)ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਢੁਕਵੀਂ ਲਿਫਟਿੰਗ ਨਾ ਹੋਣ ਦੇ ਮਾਮਲੇ ਦੀ ਬੀਤੇ ਕੱਲ੍ਹ (ਮੰਗਲਵਾਰ ਨੂੰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕਰਕੇ ਕਿਹਾ ਗਿਆ ਹੈ ਕਿ 31 ਅਕਤੂਬਰ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਇਸ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਮਾਮਲਾ ਆਪਸੀ ਸਹਿਮਤੀ ਨਾਲ ਹੱਲ ਕੀਤਾ ਜਾਵੇ। ਕਿਉਂਕਿ ਇਹ ਮਾਮਲਾ ਪੂਰੇ ਸੂਬੇ ਨਾਲ ਸਬੰਧਤ ਹੈ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਵੀ ਹਾਜ਼ਰ ਸਨ। ਜਿਸ ਨੇ ਆਪਣੇ ਤਰਫੋਂ ਕੀਤੇ ਪ੍ਰਬੰਧਾਂ ਬਾਰੇ ਦੱਸਿਆ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਕਿਹਾ ਕਿ ਮਾਰਚ ਤੱਕ ਹੋਰ ਚੌਲਾਂ ਦੀ ਚੁਕਾਈ ਕਰ ਦਿੱਤੀ ਜਾਵੇਗੀ। ਪਿਛਲੀ ਸੁਣਵਾਈ ‘ਤੇ ਅਦਾਲਤ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਅਦਾਲਤ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਜੇਕਰ ਉਸ ਨੂੰ ਲੱਗਦਾ ਹੈ ਕਿ ਮਾਮਲਾ ਹੱਲ ਨਹੀਂ ਹੋਇਆ ਹੈ ਤਾਂ ਉਹ ਹਾਈ ਕੋਰਟ ‘ਚ ਦੁਬਾਰਾ ਪਟੀਸ਼ਨ ਦਾਇਰ ਕਰ ਸਕਦਾ ਹੈ।






















