ਸੂਬੇ ਭਰ ਦੇ ਕਿਸਾਨ-ਧਰਨਿਆਂ ‘ਚ11ਵੀਂ ਬਰਸੀ ਮੌਕੇ ਜ਼ਮੀਨੀ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ
ਖੇਤੀ-ਕਾਨੂੰਨ ਰੱਦ ਕਰਵਾ ਰਹਾਂਗੇ- ਬੁਰਜ਼ਗਿੱਲ

ਚੰਡੀਗੜ੍ਹ,11 ਅਕਤੂਬਰ(ਵਿਸ਼ਵ ਵਾਰਤਾ) ਜ਼ਮੀਨ ਬਚਾਓ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 11ਵੀਂ ਬਰਸੀ ਮੌਕੇ ਸੂਬੇ ਭਰ ‘ਚ ਵੱਖ-ਵੱਖ ਥਾਵਾਂ ‘ਤੇ ਜਾਰੀ ਕਿਸਾਨੀ-ਧਰਨਿਆਂ ‘ਚ ਸ਼ਰਧਾਂਜਲੀ ਸਮਾਗਮ ਕੀਤੇ ਗਏ। ਬਰਨਾਲਾ, ਮਾਨਸਾ, ਬੁਢਲਾਡਾ, ਬਰੇਟਾ, ਮਹਿਲ ਕਲਾਂ, ਜਗਰਾਓਂ, ਰਾਮਪੁਰਾ, ਸੰਗਰੂਰ ਸਮੇਤ ਵੱਖ-ਵੱਖ ਥਾਵਾਂ ‘ਤੇ ਕਿਸਾਨ-ਆਗੂਆਂ ਨੇ ਸ਼ਹੀਦ ਪਿਰਥੀਪਾਲ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਪਿਰਥੀਪਾਲ ਸਿੰਘ ਚੱਕ ਅਲੀਸ਼ੇਰ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਕਰਦਿਆਂ ਪਿੰਡ ਬੀਰੋਕੇ ਖੁਰਦ ਵਿਖੇ ਛਾਤੀ ਵਿਚ ਗੋਲੀ ਖਾ ਕੇ ਸ਼ਿਕਾਰ ਹੋ ਕੇ ਜਾਨ ਦੀ ਬਾਜ਼ੀ ਲਾ ਗਿਆ ਸੀ, ਹੁਣ ਵੀ ਕਿਸਾਨਾਂ ਦੀਆਂ ਸ਼ਹੀਦੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਗੁਰਮੀਤ ਸਿੰਘ ਭੱਟੀਵਾਲ, ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੂਬਾਈ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ ਸਰਕਾਰਾਂ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਦੇ ਸਰਮਾਏਦਾਰੀ ਪੱਖੀ ਨੀਤੀਆਂ ਦੀ ਬਦੌਲਤ ਜਿੱਥੇ ਆਰਥਿਕ ਤੌਰ ਤੇ ਤਬਾਹ ਹੋ ਚੁੱਕਾ ਹੈ, ਉਥੋਂ ਹੁਣ ਰੁਜ਼ਗਾਰ ਦਾ ਆਖ਼ਰੀ ਸਾਸਜ ਜ਼ਮੀਨ ਤੇ ਹੱਲਾ ਬੋਲਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਅੰਦੋਲਨ ਤੋਂ ਬੌਖਲਾ ਚੁੱਕੀ ਹੈ। ਯੂਪੀ ਦੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਕਾਤਲਾਂ ਨੂੰ ਹਰ ਹਾਲ ਸਜ਼ਾ ਦਿੱਤੀ ਜਾਵੇ। ਸੰਘਰਸ਼ਾਂ ਰਾਹੀਂ ਸਰਕਾਰ ਨੂੰ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਐੱਮਐੱਸਪੀ ਦੀ ਗਰੰਟੀ ਕਾਨੂੰਨ ਬਣਾਉਣ ਲਈ ਮਜਬੂਰ ਕਰ ਦਿੱਤਾ ਜਾਵੇਗਾ।