ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਹੇਠ ਅਹਿਮ ਮੀਟਿੰਗ ਸ਼ੁਰੂ
ਚੰਡੀਗੜ੍ਹ, 27 ਮਾਰਚ (ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਕਥਿਤ ਪ੍ਰਚਾਰਕ ਗਤੀਵਿਧੀਆਂ ਕਾਰਨ ਪੈਦਾ ਹੋਏ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸੱਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਜਿਸ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ, ਟਕਸਾਲਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ ਹੈ। ਵੱਖ-ਵੱਖ ਸੰਪਰਦਾਵਾਂ, ਸਿੰਘ ਸਭਾਵਾਂ ਇਸ ਵਿੱਚ ਹਿੱਸਾ ਲੈ ਰਹੀਆਂ ਹਨ। ਪਤਾ ਲੱਗਾ ਹੈ ਕਿ ਮੀਟਿੰਗ ਵਿੱਚ 60 ਤੋਂ 70 ਸਿੱਖ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਿਆ ਗਿਆ ਸੀ। ਮੀਟਿੰਗ ਵਿੱਚ ਸਿਰਫ਼ ਬੁੱਧੀਜੀਵੀਆਂ, ਸਿੱਖ ਧਾਰਮਿਕ ਜਥੇਬੰਦੀਆਂ ਨੂੰ ਹੀ ਸੱਦਾ ਦਿੱਤਾ ਗਿਆ ਹੈ।
ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪੰਜਾਬ ‘ਚ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਗਈ ਅਤੇ ਸਿੱਖਾਂ ਨੂੰ ਗ੍ਰਿਫਤਾਰ ਕੀਤਾ ਗਿਆ, ਉਹ ਚਿੰਤਾ ਦਾ ਵਿਸ਼ਾ ਹੈ। ਬੁੱਧੀਜੀਵੀਆਂ, ਸਿੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਬੁਲਾਇਆ ਗਿਆ ਹੈ। ਮੀਟਿੰਗ ਵਿੱਚ ਪੰਜਾਬ ਦੀ ਹਾਲਤ ਅਤੇ ਇਸ ਨੂੰ ਸੁਧਾਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸੁਝਾਅ ਲਏ ਜਾਣਗੇ ਅਤੇ ਫਿਰ ਰੋਡਮੈਪ ਤਿਆਰ ਕੀਤਾ ਜਾਵੇਗਾ