ਅੰਮ੍ਰਿਤਸਰ, 20 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ ਅੱਜ ਤੋਂ ਸ਼ੁਰੂ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ (ਸੈ.)ਸਤਿੰਦਰਬੀਰ ਸਿੰਘ ਅਤੇ ਜਿਲਾ ਸਿੱਖਿਆ ਅਫਸਰ (ਐਲੀ.) ਕੰਵਲਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਦੀ ਸ਼ੁਰੂਆਤ
ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਹੋਈ ਹੈ, ਜਿੰਨਾਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨਾਂ ਦੱਸਿਆ ਕਿ ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਉਨਾਂ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ,ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਪੇਸ਼ ਕੀਤੇ ਜਾਣਗੇ।
ਉਨਾਂ ਕਿਹਾ ਕਿ 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜਿਲਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਇਸ ਮੌਕੇ ਜਿਲਾ ਨੋਡਲ ਅਫਸਰ (ਸੈ.)ਮੈਡਮ ਆਦਰਸ਼ ਸ਼ਰਮਾ ਤੇ ਜਿਲਾ ਨੋਡਲ ਅਫਸਰ (ਐਲੀ.)ਮਨਜੀਤ ਸਿੰਘ ਨੇ ਦੱਸਿਆ ਕਿ ਗੀਤ ਗਾਇਨ ਮੁਕਾਬਲੇ ਨੂੰ ਵੀ ਸ਼ਬਦ ਗਾਇਨ ਵਾਂਗ ਹੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲੇਗਾ ।