ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਪੁਰਬ ਅੱਜ
ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
ਚੰਡੀਗੜ੍ਹ,16ਸਤੰਬਰ(ਵਿਸ਼ਵ ਵਾਰਤਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ(ਸ਼ਨੀਵਾਰ) ਨੂੰ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਦਿਨ ਡੇਢ ਲੱਖ ਤੋਂ ਵੱਧ ਸ਼ਰਧਾਲੂਆਂ ਦੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੀ ਸੰਭਾਵਨਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ।ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ 16 ਸਤੰਬਰ, 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਸ਼ਨੀਵਾਰ (16 ਸਤੰਬਰ, 2023) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।