ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਤ: ਵਿਦੇਸ਼ ਤੋਂ ਪਰਤਿਆ ਦੋਸਤ ਗੰਭੀਰ ਜ਼ਖ਼ਮੀ
ਚੰਡੀਗੜ੍ਹ 30 ਦਸੰਬਰ(ਵਿਸ਼ਵ ਵਾਰਤਾ) -ਕਪੂਰਥਲਾ ਸ਼ਹਿਰ ਦੇ ਰਮਣੀਕ ਚੌਕ ਨੇੜੇ ਬੀਤੀ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਇੱਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਆਕਾਸ਼ਦੀਪ (27) ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਰ ‘ਚ ਸਵਾਰ ਉਸ ਦਾ ਸਾਥੀ ਯੁੱਧਵੀਰ ਗੰਭੀਰ ਜ਼ਖਮੀ ਹੋ ਗਿਆ। ਯੁੱਧਵੀਰ ਕੱਲ੍ਹ ਹੀ ਵਿਦੇਸ਼ ਤੋਂ ਪਰਤਿਆ ਸੀ। ਇਸ ਦੇ ਨਾਲ ਹੀ ਮ੍ਰਿਤਕ ਆਕਾਸ਼ਦੀਪ ਪੁਲਿਸ ਮੁਲਾਜ਼ਮ ਦੱਸਿਆ ਜਾ ਰਿਹਾ ਹੈ। ਯੁੱਧਵੀਰ ਦਾ ਲੁਧਿਆਣਾ ਦੇ ਡੀਐਮਸੀ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪੁਲਿਸ ਮੁਲਾਜ਼ਮ ਅਕਾਸ਼ਦੀਪ ਸਾਲ 2019 ਵਿੱਚ ਆਪਣੇ ਪਿਤਾ ਦੀ ਥਾਂ ਪੁਲਿਸ ਵਿਭਾਗ ਵਿੱਚ ਭਰਤੀ ਹੋਇਆ ਸੀ। ਦੱਸਿਆ ਗਿਆ ਹੈ ਕਿ ਪੁਲਿਸ ਮੁਲਾਜ਼ਮ ਅਕਾਸ਼ਦੀਪ ਬੀਤੀ ਰਾਤ ਕਰੀਬ 2 ਵਜੇ ਆਪਣੇ ਦੋਸਤ ਯੁੱਧਵੀਰ ਨਾਲ ਆਪਣੀ ਕ੍ਰੇਟਾ ਕਾਰ ‘ਚ ਕਿਧਰੇ ਤੋਂ ਆ ਰਿਹਾ ਸੀ। ਉਸ ਦੀ ਕਾਰ ਬੇਕਾਬੂ ਹੋ ਕੇ ਰਮਨੀਕ ਚੌਕ ਨੇੜੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਵਿੱਚ ਗੱਡੀ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਾਲਕ ਅਕਾਸ਼ਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੇ ਸਾਥੀ ਯੁੱਧਵੀਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਬਾਅਦ ਵਿਚ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਰੈਫਰ ਕਰ ਦਿੱਤਾ। ਉਸ ਦਾ ਲੁਧਿਆਣਾ ਦੇ ਡੀਐਮਸੀ ਵਿੱਚ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੀ.ਸੀ.ਆਰ ਟੀਮ ਅਤੇ ਸਿਟੀ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।