ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੱਖ ਵੱਖ ਥਾਂਵਾਂ ਤੇ ਫੂਕੇ ਕੇਂਦਰ ਸਰਕਾਰ ਦੇ ਪੁਤਲੇ

ਚੰਡੀਗੜ੍ਹ 16 ਅਕਤੂਬਰ ( ਵਿਸ਼ਵ ਵਾਰਤਾ)- ਖੇਤੀ ਕਾਨੂੰਨਾਂ ਵਿਰੁੱਧ ਮੁਲਕ ਪੱਧਰੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨਰਿੰਦਰ ਮੋਦੀ, ਅਮਿਤ ਸ਼ਾਹ,ਅਜੈ ਮਿਸ਼ਰਾ ਅਤੇ ਅਡਾਨੀ ਅੰਬਾਨੀ ਸਮੇਤ ਸਾਮਰਾਜੀ ਕਾਰਪੋਰੇਟਾਂ ਦੇ ਗੱਠਜੋੜ ਦੇ ਪੁਤਲੇ ਅਜੋਕੇ ਦੌਰ ਦੀਆਂ ਬਦੀ ਤਾਕਤਾਂ ਦੇ ਚਿੰਨ੍ਹ ਵਜੋਂ ਪੁਤਲੇ ਬਣਾ ਕੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ 68 ਥਾਂਵਾਂ’ਤੇ ਫੂਕੇ ਗਏ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਦਿੱਲੀ ਟਿਕਰੀ ਬਾਰਡਰ ਤੇ ਬਾਦਲ ਵਿਖੇ ਚੱਲ ਰਹੇ ਪੱਕੇ ਮੋਰਚਿਆਂ ਵਿੱਚ ਵੀ ਅਜਿਹੇ ਪੁਤਲੇ ਫੂਕੇ ਗਏ।ਹਰ ਥਾਂ ਔਰਤਾਂ ਤੇ ਨੌਜਵਾਨਾਂ ਸਮੇਤ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਮਜ਼ਦੂਰਾਂ ਨੇ ਇਨ੍ਹਾਂ ਬਦੀ ਦੀਆਂ ਤਾਕਤਾਂ ਵਿਰੁੱਧ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਹ ਭਰਪੂਰ ਨਾਹਰੇ ਲਾਏ। ਵੱਖ-ਵੱਖ ਥਾਵਾਂ’ਤੇ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਅਤੇ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਜ਼ਿਲ੍ਹਿਆਂ ਬਲਾਕਾਂ ਪਿੰਡਾਂ ਦੇ ਆਗੂ ਵੀ ਸ਼ਾਮਲ ਸਨ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਖੇਤੀ ਸਮੇਤ ਦੇਸ਼ ਦੇ ਸਾਰੇ ਪੈਦਾਵਾਰੀ ਸੋਮਿਆਂ ਅਤੇ ਸਰਕਾਰੀ ਅਦਾਰਿਆਂ ਨੂੰ ਸਾਮਰਾਜੀ ਕਾਰਪੋਰੇਟਾਂ ਦੇ ਅੰਨ੍ਹੇ ਮੁਨਾਫਿਆਂ ਲਈ ਉਨ੍ਹਾਂ ਹਵਾਲੇ ਕਰਨ ਭਾਜਪਾ ਮੋਦੀ ਸਰਕਾਰ ਪੱਬਾਂ ਭਾਰ ਹੋਈ ਫਿਰਦੀ ਹੈ। ਪ੍ਰੰਤੂ ਉਨ੍ਹਾਂ ਦਾਅਵਾ ਕੀਤਾ ਕਿ ਜਾਨ ਹੂਲਵੇਂ ਦ੍ਰਿੜ੍ਹ ਲੰਬੇ ਘੋਲ਼ ਰਾਹੀਂ ਇਸ ਰਾਵਣਨੁਮਾ ਹਕੂਮਤ ਦੀ ਗੋਡਣੀ ਲੁਆ ਕੇ ਹੀ ਦਮ ਲਿਆ ਜਾਵੇਗਾ। ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ, ਬਿਜਲੀ ਬਿੱਲ 2020 ਅਤੇ ਪਰਾਲ਼ੀ ਆਰਡੀਨੈਂਸ ਰੱਦ ਕੀਤੇ ਜਾਣ ਅਤੇ ਸਾਰੀਆਂ ਫ਼ਸਲਾਂ ਦੀ ਲਾਭਕਾਰੀ ਐਮ ਐਸ ਪੀ ਨਾਲ਼ ਪੂਰੀ ਖਰੀਦ ਦਾ ਕਾਨੂੰਨ ਬਣਾਇਆ ਜਾਵੇ। ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਕੇ ਸਾਰੇ ਗਰੀਬਾਂ ਨੂੰ ਜਿਉਂਦੇ ਰਹਿਣ ਲਈ ਜ਼ਰੂਰੀ ਸਾਰੀਆਂ ਵਸਤਾਂ ਸਸਤੇ ਰੇਟਾਂ’ਤੇ ਦੇਣ ਦੀ ਗਰੰਟੀ ਕੀਤੀ ਜਾਵੇ। ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਉੱਤੇ ਨਰਮਾ ਤਬਾਹੀ ਦੇ ਉਜਾੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਕੀਤੇ ਜਾ ਰਹੇ ਜਾਨ ਹੂਲਵੇਂ ਸੰਘਰਸ਼ ਦੇ ਬਾਵਜੂਦ ਨਜ਼ਰਅੰਦਾਜ਼ ਕਰਨ ਦੀ ਸਖ਼ਤ ਨਿੰਦਾ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਮੁਆਵਜ਼ੇ ਦੀ ਹੱਕੀ ਮੰਗ ਮੰਨਣ ਵਿੱਚ ਹੋਰ ਵਧੇਰੇ ਦੇਰੀ ਦੀ ਸੂਰਤ ਵਿੱਚ ਸੂਬਾ ਪੱਧਰੀ ਘੋਲ਼ ਉਲੀਕਿਆ ਜਾਵੇਗਾ। ਬੁਲਾਰਿਆਂ ਨੇ ਬੀਤੇ ਦਿਨੀਂ ਸਿੰਘੂ ਬਾਰਡਰ ਵਿਖੇ ਵਾਪਰੀ ਵਹਿਸ਼ੀਆਨਾ ਕਤਲ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਅਤੇ ਉੱਚ ਪੱਧਰੀ ਨਿਰਪੱਖ ਜਾਂਚ ਰਾਹੀਂ ਹਕੀਕਤ ਸਾਹਮਣੇ ਲਿਆਉਣ ਦੀ ਮੰਗ ਕੀਤੀ। ਲਖੀਮਪੁਰ ਖੇੜੀ ਵਿਖੇ ਕੀਤੇ ਗਏ ਵਹਿਸ਼ੀਆਨਾ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਮੇਤ ਅਜੈ ਮਿਸ਼ਰਾ ਨੂੰ ਗ੍ਰਿਫਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ। ਮਿਸ਼ਰਾ ਨੂੰ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ। ਆਗੂਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਦਿੱਲੀ ਸਮੇਤ ਸਾਰੇ ਪੱਕੇ ਮੋਰਚਿਆਂ ਵਿੱਚ ਲਾਮਬੰਦੀਆਂ ਨੂੰ ਜ਼ਰ੍ਹਬਾਂ ਦਿੱਤੀਆਂ ਜਾਣ। 18 ਅਕਤੂਬਰ ਨੂੰ ਦੇਸ਼ ਭਰ ਵਿੱਚ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਵਿਚ ਕਾਫ਼ਲੇ ਬੰਨ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਅਤੇ 26 ਅਕਤੂਬਰ ਦੀ ਲਖਨਊ ਮਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਹੁਣੇ ਤੋਂ ਜੁਟਣ ਦਾ ਸੱਦਾ ਦਿੱਤਾ।






















