ਹਜ਼ਾਰਾਂ ਖੇਤ ਮਜ਼ਦੂਰਾਂ ਵੱਲੋਂ ਖੇਤੀ ਕਾਨੂੰਨਾਂ ਤੇ ਕਿਰਤ ਕਾਨੂੰਨਾਂ ਚ ਸੋਧਾਂ ਖ਼ਿਲਾਫ਼ ਰੋਹ ਭਰਪੂਰ ਰੈਲੀ ਤੇ ਮੁਜ਼ਾਹਰਾ

ਬਠਿੰਡਾ 15 ਮਾਰਚ ( ਕੁਲਬੀਰ ਬੀਰਾ);- ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਹਜ਼ਾਰਾਂ ਖੇਤ ਮਜ਼ਦੂਰ ਮਰਦ ਔਰਤਾਂ ਵੱਲੋਂ ਖੇਤੀ ਕਾਨੂੰਨਾਂ ,ਕਿਰਤ ਕਾਨੂੰਨਾਂ ਚ ਸੋਧਾਂ ਤੇ ਦਲਿਤਾਂ ਤੇ ਜ਼ਬਰ ਖਿ਼ਲਾਫ ਸਥਾਨਕ ਦਾਣਾ ਮੰਡੀ ਚ ਵਿਸ਼ਾਲ ਰੈਲੀ ਕਰਨ ਉਪਰੰਤ ਮੁਜ਼ਾਹਰਾ ਵੀ ਕੀਤਾ ਗਿਆ।
ਇਸ ਮੌਕੇ ਜੁੜੇ ਇਕੱਠ ਨੂੰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ,ਜਨਰਲ ਸਕੱਤਰ ਲਛਮਣ ਸਿੰਘ,ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਵਿਕਾਸ ਦੇ ਨਾਂਅ ਹੇਠ ਲਿਆਂਦੇ ਖੇਤੀ ਕਾਨੂੰਨ ਖੇਤ ਮਜ਼ਦੂਰਾਂ ਦੇ ਰੁਜ਼ਗਾਰ ਨੂੰ ਹੋਰ ਖੋਰਾ ਲਾਉਣ,ਜਨਤਕ ਵੰਡ ਪ੍ਰਣਾਲੀ ਦਾ ਭੋਗ ਪਾਉਣ ਅਤੇ ਖੁਰਾਕੀ ਵਸਤਾਂ ਦੀ ਕਾਲਾਬਾਜ਼ਾਰੀ ਤੇ ਜ਼ਖੀਰੇਬਾਜ਼ੀ ਰਾਹੀਂ ਮਹਿੰਗਾਈ ਵਧਾਉਣ ਦਾ ਸਾਧਨ ਬਣਨਗੇ ਜਿਸਦਾ ਸਿੱਟਾ ਖੇਤ ਮਜ਼ਦੂਰਾਂ ਤੇ ਸ਼ਹਿਰੀ ਗਰੀਬਾਂ ਦੀ ਭੁੱਖਮਰੀ ਚ ਨਿੱਕਲੇਗਾ। ਉਹਨਾਂ ਆਖਿਆ ਕਿ ਮੋਦੀ ਸਰਕਾਰ ਵਲੋਂ ਖੇਤੀ ਸੈਕਟਰ ਸਮੇਤ ਦੇਸ਼ ਦੇ ਸਭੈ ਅਮੀਰ ਕੁਦਰਤੀ ਸਰੋਤਾਂ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਰਾਹੀਂ ਦੇਸ਼ ਦੇ ਲੋਕਾਂ ਨਾਲ਼ ਗਦਾਰੀ ਕੀਤੀ ਜਾ ਰਹੀ ਹੈ। ਉਹਨਾਂ ਆਖਿਆ ਕਿ ਭਾਜਪਾ ਤੇ ਆਰ ਐਸ ਐਸ ਦੀ ਫਾਸ਼ੀਵਾਦੀ ਕੇਂਦਰੀ ਹਕੂਮਤ ਵਲੋਂ ਸਤਾ ਸੰਭਾਲਣ ਤੋਂ ਬਾਅਦ ਦਲਿਤਾਂ ਦੇ ਉੱਤੇ ਜਾਤਪਾਤੀ ਵਿਤਕਰੇ ਤੇ ਜ਼ਬਰ ਦੀਆਂ ਘਟਨਾਵਾਂ ਚ ਅਥਾਹ ਵਾਧਾ ਹੋਇਆ ਹੈ ਅਤੇ ਲੋਕਾਂ ਦੇ ਜਮਹੂਰੀ ਹੱਕਾਂ ਦਾ ਕਤਲ ਕੀਤਾ ਜਾ ਰਿਹਾ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਖੇਤ ਮਜ਼ਦੂਰਾਂ ਤੇ ਕਿਸਾਨਾਂ ਸਮੇਤ ਦੇਸ਼ ਦੇ ਹਕੀਕੀ ਵਿਕਾਸ ਲਈ ਖੇਤੀ ਕਾਨੂੰਨਾਂ ਤੇ ਕਿਰਤ ਕਾਨੂੰਨਾਂ ਚ ਕੀਤੀਆਂ ਸੋਧਾਂ ਵਾਪਸ ਲੈਕੇ ਤਿੱਖੇ ਜ਼ਮੀਨੀ ਸੁਧਾਰ ਲਾਗੂ ਕਰਨ ਰਾਹੀਂ ਖੇਤ ਮਜ਼ਦੂਰਾਂ ਤੇ ਗ਼ਰੀਬ ਕਿਸਾਨਾਂ ਦੀ ਜ਼ਮੀਨੀ ਤੋਟ ਦੂਰ ਕਰਨ , ਖੇਤੀ ਅਧਾਰਤ ਰੁਜ਼ਗਾਰ ਮੁਖੀ ਸਨਅਤਾ ਲਾਉਣ ਤੇ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਕੇ ਸਭਨਾਂ ਅਦਾਰਿਆਂ ਦਾ ਸਰਕਾਰੀਕਰਨ ਕਰਨ ਕਰਕੇ ਪੱਕੇ ਰੁਜ਼ਗਾਰ ਦੀ ਵਿਵਸਥਾ ਕਰਨ ਵਰਗੇ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਖੇਤ ਮਜ਼ਦੂਰਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੌਜੂਦਾ ਖੇਤੀ ਕਾਨੂੰਨਾਂ ਦੀ ਵਾਪਸੀ ਸਮੇਤ ਮਜ਼ਦੂਰਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਇਹਨਾਂ ਪੁੱਗਤ ਸਥਾਪਤੀ ਲਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਸਾਂਝੀ ਲਹਿਰ ਦੇ ਮਹੱਤਵ ਨੂੰ ਉਘਾੜਿਆ। ਉਹਨਾਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 21 ਮਾਰਚ ਨੂੰ ਸ਼ਹੀਦ ਭਗਤ ਸਿੰਘ ਤੇ ਰਾਜਗੁਰੂ ਸੁਖਦੇਵ ਦੀ ਯਾਦ ਚ ਦਾਣਾ ਮੰਡੀ ਸੁਨਾਮ ਚ ਕੀਤੀ ਜਾ ਰਹੀ ਨੌਜਵਾਨ ਕਾਨਫਰੰਸ ਚ ਨੌਜਵਾਨਾਂ ਨੂੰ ਵਿਸ਼ਾਲ ਗਿਣਤੀ ਚ ਪਹੁੰਚਣ ਦਾ ਸੱਦਾ ਦਿੱਤਾ।ਲੋਕ ਮੋਰਚਾ ਪੰਜਾਬ ਦੇ ਸੂਬਾਈ ਆਗੂ ਜਗਮੇਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਖੇਤ ਮਜ਼ਦੂਰਾਂ ਤੇ ਕਿਸਾਨਾਂ ਸਮੇਤ ਦੇਸ਼ ਦੇ ਸਮੂਹ ਲੋਕਾਂ ਨੂੰ ਦਰਪੇਸ਼ ਬੇਰੁਜ਼ਗਾਰੀ, ਮਹਿੰਗਾਈ,ਗ਼ਰੀਬੀ, ਕਰਜ਼ੇ ਤੇ ਖੂਦਕੁਸੀਆ ਵਰਗੀਆਂ ਸਮੱਸਿਆਵਾਂ ਦੀ ਅਸਲ ਵਜ੍ਹਾ ਦੇਸ਼ ਦੇ ਉੱਤੇ ਅੱਜ ਵੀ ਸਾਮਰਾਜੀ ਤਾਕਤਾਂ ਦੀ ਚੋਰ ਗੁਲਾਮੀ ਤੇ ਜਗੀਰੂ ਜਕੜ ਜਿਉਂ ਦੀ ਤਿਉਂ ਕਾਇਮ ਰਹਿਣਾ ਹੈ। ਉਹਨਾਂ ਲੋਕਾਂ ਦੀਆਂ ਸਭਨਾਂ ਸਮੱਸਿਆਵਾਂ ਦੇ ਹੱਲ ਲਈ ਭਾਰਤੀ ਹਾਕਮਾਂ ਵੱਲੋਂ ਸਾਮਰਾਜੀ ਮੁਲਕਾਂ ਨਾਲ਼ ਕੀਤੇ ਸਮਝੌਤੇ ਤੇ ਨਿੱਜੀਕਰਨ, ਵਪਾਰੀਕਰਨ ਤੇ ਸੰਸਾਰੀਕਰਨ ਦੀਆਂ ਨੀਤੀਆਂ ਰੱਦ ਕੀਤੇ ਜਾਣ। ਉਹਨਾਂ ਕਿਹਾ ਕਿ ਖੇਤ ਮਜ਼ਦੂਰਾਂ ਤੇ ਕਿਸਾਨਾਂ ਦੀ ਮੁਕਤੀ ਲਈ ਸ਼ਹੀਦ ਭਗਤ ਸਿੰਘ ਦੇ ਬੋਲਾਂ ਅਨੁਸਾਰ ਇੱਥੇ ਅਜਿਹਾ ਰਾਜ਼ ਤੇ ਸਮਾਜ ਸਿਰਜਣਾ ਪੈਣਾ ਜਿੱਥੇ ਮਨੁੱਖ ਹੱਥੋਂ ਮਨੁੱਖ ਦੀ ਲੁੱਟ-ਖਸੁੱਟ ਬੰਦ ਹੋਵੇ। ਉਹਨਾਂ ਆਖਿਆ ਕਿ ਅਜਿਹਾ ਰਾਜ਼ ਵੋਟਾਂ ਨਾਲ ਨਹੀਂ ਸਗੋਂ ਲੋਕਾਂ ਦੀ ਵਿਸ਼ਾਲ ਤੇ ਸਿਰੜੀ ਲੋਕ ਲਹਿਰ ਦੇ ਜ਼ੋਰ ਹਾਕਮਾਂ ਨਾਲ ਦਿਰੜ ਸੰਘਰਸ਼ ਲੜਕੇ ਸਿਰਜਣਾ ਪੈਣਾ ਹੈ।
ਅੱਜ ਦੇ ਇਕੱਠ ਨੂੰ ਠੇਕਾ ਮੁਲਾਜ਼ਮ ਮੋਰਚੇ ਦੇ ਆਗੂ ਜਗਰੂਪ ਸਿੰਘ ਤੋਂ ਇਲਾਵਾ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਣਕ ਤੇ ਗੁਰਪਾਲ ਸਿੰਘ ਨੰਗਲ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਮਤਾ ਪਾਸ ਕਰਕੇ ਬੀਤੇ ਦਿਨੀਂ ਬਠਿੰਡਾ ਵਿਖੇ ਆਂਗਣਵਾੜੀ ਵਰਕਰਾਂ ਤੇ ਪੁਲਿਸ ਵੱਲੋਂ ਕੀਤੇ ਜ਼ਬਰ ਦੀ ਸਖ਼ਤ ਨਿੰਦਾ ਕਰਦੇ ਹੋਏ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ।ਇੱਕ ਹੋਰ ਮਤਾ ਪਾਸ ਕਰਕੇ ਖੇਤੀ ਕਾਨੂੰਨ ਤੇ ਕਿਰਤ ਕਾਨੂੰਨਾਂ ਚ ਸੋਧਾਂ ਵਾਪਸ ਲੈਣ, ਮਜ਼ਦੂਰਾਂ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਖ਼ਤਮ ਕਰਨ, ਮਜ਼ਦੂਰਾਂ ਦੇ ਬਿਜਲੀ ਬਿੱਲ ਮੁਆਫ ਕਰਨ, ਜ਼ਮੀਨਾ ਦੀ ਕਾਣੀ ਵੰਡ ਖ਼ਤਮ ਕਰਨ ਅਤੇ ਦਲਿਤਾਂ ਤੇ ਜ਼ਬਰ ਬੰਦ ਕਰਨ ਦੀ ਮੰਗ ਕੀਤੀ ਗਈ।






















