ਹਜ਼ਾਰਾਂ ਦੀ ਤਦਾਦ ਵਿੱਚ ਕਿਸਾਨਾਂ ਨੇ ਬਠਿੰਡਾ ਸ਼ਹਿਰ ਵਿੱਚ ਕੀਤਾ ਰੋਸ ਮਾਰਚ

ਬਠਿੰਡਾ 14 ਦਸੰਬਰ (ਕੁਲਬੀਰ ਬੀਰਾ)-ਖੇਤੀ ਵਿਰੋਧੀ ਤਿੰਨ ਕਾਨੂੰਨਾਂ, ਬਿਜਲੀ ਸੋਧ ਕਨੂਨ 2020 ਅਤੇ ਪ੍ਰਦੂਸ਼ਣ ਸਬੰਧੀ ਪਰਾਲੀ ਸਾੜਨ ਬਾਰੇ ਬਣਾਏ ਕਾਨੂੰਨ ਨੂੰ ਰੱਦ ਕਰਵਾਉਣ ਲਈ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਜ਼ਿਲ੍ਹਾ ਦਫ਼ਤਰਾਂ ਅੱਗੇ ਧਰਨੇ ਅਤੇ ਮੁਜ਼ਾਹਰਿਆਂ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇੜੇ ਸਿਵਲ ਹਸਪਤਾਲ ਕੋਲ ਧਰਨਾ ਦੇ ਕੇ ਸ਼ਹਿਰ ਦੇ ਬਜ਼ਾਰਾਂ ਵਿੱਚ ਮੁਜ਼ਾਹਰਾ ਕੀਤਾ।ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ, ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਇਹਨੀ ਠੰਡ ਦੇ ਬਾਵਜੂਦ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਸਾਰੇ ਰਾਜਾਂ ਅਤੇ ਦਿੱਲੀ ਮੋਰਚਾ ਲਾ ਕੇ ਇਨ੍ਹਾਂ ਕਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਦੀ ਮੰਗ ਨੂੰ ਲੈ ਕੇ ਸਿਰਫ ਭਾਰਤ ਦੇ ਲੋਕ ਹੀ ਨਹੀਂ ਪੂਰੀ ਦੁਨੀਆ ਦੇ ਲੋਕ ਸਮਰਥਨ ਕਰ ਰਹੇ ਹਨ ਪਰ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਅਤੇ ਤਰ੍ਹਾਂ ਤਰ੍ਹਾਂ ਦੇ ਦੋਸ਼ ਲਾ ਕੇ ਉਨ੍ਹਾਂ ਦੇ ਹੱਕੀ ਸੰਘਰਸ਼ ਨੂੰ ਤਾਰਪੀਡੋ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰ ਕੇ ਉਨ੍ਹਾਂ ਨਾਲ ਗੂੜ੍ਹੀ ਯਾਰੀ ਦਾ ਸਬੂਤ ਦੇਣਾ ਚਾਹੁੰਦੀ ਹੈ ਅਤੇ ਕਿਸਾਨਾਂ ਤੇ ਨਕਸਲੀ ਅੱਤਵਾਦ ਦੀ ਠੱਪੇ ਲਾ ਕੇ ਉਹਨਾਂ ਤੇ ਜਬਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਇਨ੍ਹਾਂ ਚਾਲਾਂ ਨੂੰ ਹੁਣ ਸਾਲ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਵਾਰਾਂ ਦੀਆਂ ਇਨ੍ਹਾਂ ਚਾਲਾਂ ਨੂੰ ਪੂਰੀ ਤਰ੍ਹਾਂ ਫੇਲ ਕਰਦੇ ਹੋਏ ਇਹਨਾਂ ਲੋਕ ਵਿਰੋਧੀ ਕਾਨੂੰਨ ਰੱਦ ਕਰਵਾ ਕੇ ਰਹਿਣਗੇ। ਕਿਸਾਨ ਆਗੂ ਹਰਪ੍ਰੀਤ ਕੌਰ ਜੇਠੂਕੇ ਨੇ ਕਿਹਾ ਕਿ ਕੱਲ੍ਹ ਨੂੰ ਵੱਡੀ ਗਿਣਤੀ ਵਿੱਚ ਖ਼ੁਦਕੁਸ਼ੀ ਪੀੜਤ ਪਰਿਵਾਰ ਤੋਂ ਉਹਨਾਂ ਤੋਂ ਵਿਛੜ ਚੁੱਕੇ ਮੈਂਬਰਾਂ ਦੀਆਂ ਫੋਟੋਆਂ ਲੈ ਕੇ ਦਿੱਲੀ ਮੋਰਚੇ ਵਿੱਚ ਪਹੁੰਚਣਗੇ।

ਕਿਸਾਨ ਸੰਘਰਸ਼ ਸਮਰਥਨ ਕਮੇਟੀ ਦੇ ਕਨਵੀਨਰ ਰੇਸ਼ਮ ਸਿੰਘ ਨੇ ਕਿਹਾ ਕਿ ਅਸੀਂ ਕਿਸਾਨ ਘੋਲ਼ ਦੀ ਹਰ ਤਰਾਂ ਨਾਲ ਮਦਦ ਕਰਦੇ ਰਹਾਂਗੇ।ਜਿੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਔਰਤਾਂ ਪਹੁੰਚੇ ਉੱਥੇ ਕਿਸਾਨ ਸੰਘਰਸ਼ ਸਮਰਥਨ ਕਮੇਟੀ ਵੱਲੋਂ ਸ਼ਹਿਰ ਵਿੱਚ ਕੀਤੇ ਪ੍ਰਚਾਰ ਸਦਕਾ ਵੱਡੀ ਗਿਣਤੀ ਵਿੱਚ ਸ਼ਹਿਰਵਾਸੀਆਂ ਨੇ ਧਰਨੇ ਵਿੱਚ ਪਹੁੰਚ ਕੇ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ । ਅੱਜ ਦੇ ਧਰਨੇ ਨੂੰ ਦਰਸ਼ਨ ਸਿੰਘ ਮਾਈਸਰਖਾਨਾ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਜਗਰੂਪ ਸਿੰਘ, ਆਸ਼ਾ ਵਰਕਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਸ਼ਿੰਦਰਪਾਲ ਕੌਰ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਮੇਵਾ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਜਗਦੇਵ ਸਿੰਘ, ਨੌਜਵਾਨ ਭਾਰਤ ਸਭਾ ਦੇ ਅਸ਼ਵਨੀ ਘੁੱਦਾ, ਤਰਕਸ਼ੀਲ ਸੁਸਾਇਟੀ ਦੇ ਕੁਲਵੰਤ ਸਿੰਘ, ਮਾਲਵਾ ਕਾਲਜ ਤੋ ਕੁਲਵੀਰ ਸਿੰਘ ਬਰਾੜ ਭਾਈ ਨੱਥਾ ਸਿੰਘ ਢਾਡੀ ਸਭਾ ਅਜੈਬ ਸਿੰਘ ਅਣਖੀ, ਅਧਿਆਪਕ ਦਲ ਪੰਜਾਬ ਦੇ ਜਗਤਾਰ ਸਿੰਘ ਬਾਠ ਨੇ ਵੀ ਸੰਬੋਧਨ ਕੀਤਾ।






















