ਹਰਿਆਣਾ ਚ ਕਿਸਾਨਾਂ ‘ਤੇ ਲਾਠੀਚਾਰਜ ਸਰਕਾਰ ਨੂੰ ਪਵੇਗਾ ਮਹਿੰਗਾ : ਬੀਬਾ ਰਾਜਵਿੰਦਰ ਕੌਰ ਰਾਜੂ
· ਖੱਟੜ ਕਿਸਾਨੀ ਮੰਗਾਂ ਮੰਨੇ ਤੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਵੇ : ਮਹਿਲਾ ਕਿਸਾਨ ਯੂਨੀਅਨ
ਚੰਡੀਗੜ੍ਹ 10 ਜੁਲਾਈ ( ) ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਹਰਿਆਣਾ ਵਿੱਚ ਰਾਜੀਵ ਗਾਂਧੀ ਥਰਮਲ ਪਲਾਂਟ ਪਿੰਡ ਖੇਦੜ ਅੱਗੇ ਪਿਛਲੇ 84 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਉਤੇ ਬਰਵਾਲਾ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਨਾਲ ਇੱਕ ਕਿਸਾਨ ਦੀ ਮੌਤ ਹੋ ਜਾਣ ਲਈ ਹਰਿਆਣਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਚਿਤਾਵਨੀ ਦਿੱਤੀ ਕਿ ਭਾਜਪਾ ਪ੍ਰਸ਼ਾਸਨ ਦੀਆਂ ਸੂਬੇ ਦੇ ਕਿਸਾਨਾਂ ਖ਼ਿਲਾਫ਼ ਜ਼ਿਆਦਤੀਆਂ ਲਗਾਤਾਰ ਵਧ ਰਹੀਆਂ ਹਨ ਜਿਸ ਦਾ ਨਤੀਜਾ ਉਸ ਨੂੰ ਭੁਗਤਣਾ ਪਵੇਗਾ।
ਅੱਜ ਇੱਥੇ ਇਕ ਬਿਆਨ ਵਿਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਖੱਟੜ ਸਰਕਾਰ ਨੇ ਲੋਕਤੰਤਰ ਦੀਆਂ ਧੱਜੀਆਂ ਉਡਾਉਂਦਿਆਂ ਬਰਵਾਲਾ ਥਰਮਲ ਪਲਾਂਟ ਅੱਗੇ ਧਰਨਾ ਦੇ ਰਹੀ 45 ਮੈਂਬਰੀ ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨਾਂ ਉੱਪਰ ਪੁਲੀਸ ਵੱਲੋਂ ਲਾਠੀਚਾਰਜ ਸਮੇਤ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ 800 ਤੋਂ ਵੱਧ ਕਿਸਾਨਾਂ ਖ਼ਿਲਾਫ਼ ਹੱਤਿਆ ਵਰਗੀਆਂ ਗਿਆਰਾਂ ਗੰਭੀਰ ਧਾਰਾਵਾਂ ਲਾ ਕੇ ਕੇਸ ਦਰਜ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਕਮੇਟੀ ਨੇ ਦੋਸ਼ ਲਾਇਆ ਹੈ ਕਿ ਪੰਜ ਕਿਸਾਨਾਂ ਦਾ ਕੋਈ ਅਤਾ-ਪਤਾ ਨਹੀਂ ਲੱਗ ਰਿਹਾ।
ਮਹਿਲਾ ਕਿਸਾਨ ਨੇਤਾ ਨੇ ਮੰਗ ਕੀਤੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਗ੍ਰਿਫਤਾਰ ਕੀਤੇ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ, ਕਿਸਾਨਾਂ ਉਪਰ ਦਰਜ ਝੂਠੇ ਪਰਚੇ ਤੁਰੰਤ ਵਾਪਸ ਲਏ ਜਾਣ ਅਤੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਿੰਦੇ ਹੋਏ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।