ਹਰਿਆਣਾ ‘ਚ ਮੁੜ ਕਿਸਾਨ ਅੰਦੋਲਨ ਦੀ ਤਿਆਰੀ ; ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 17ਨਵੰਬਰ(ਵਿਸ਼ਵ ਵਾਰਤਾ)-ਹਰਿਆਣਾ ਵਿੱਚ ਇੱਕ ਵਾਰ ਫਿਰ ਕਿਸਾਨ ਅੰਦੋਲਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਨੇ 24 ਤਰੀਕ ਤੋਂ ਅੰਬਾਲਾ ਵਿੱਚ ਰੇਲ ਬੰਦ ਦਾ ਐਲਾਨ ਕੀਤਾ ਹੈ। ਹੁਣ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਗਰੁੱਪ ਚੰਡੀਗੜ੍ਹ ਵਿੱਚ ਅੰਦੋਲਨ ਦੀ ਰੂਪਰੇਖਾ ਅਤੇ ਤਰੀਕਾਂ ਦਾ ਐਲਾਨ ਕਰੇਗਾ। ਕਿਸਾਨ ਆਗੂ ਅੰਦੋਲਨ ਦੌਰਾਨ ਦਰਜ ਕੀਤੇ ਕੇਸ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਗੌਰਤਲਬ ਹੈ ਕਿ ਭਾਰਤੀ ਕਿਸਾਨ ਯੂਨੀਅਨ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਆਪਣੇ ਵਾਅਦੇ ’ਤੇ ਖਰੀ ਨਹੀਂ ਉਤਰੀ। ਇਸ ਵੇਲੇ ਤਿੰਨੋਂ ਕਿਸਾਨ ਅੰਦੋਲਨਾਂ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਵਿੱਚੋਂ 35 ਕੇਸ ਰੱਦ ਨਹੀਂ ਹੋਏ ਹਨ। ਫਿਰ ਮਜਬੂਰੀ ਵੱਸ ਭਾਕਿਯੂ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਅੰਦੋਲਨ ਦਾ ਰੁਖ ਅਖ਼ਤਿਆਰ ਕਰਨਾ ਪਿਆ ਹੈ। ਕਿਸਾਨ ਆਗੂਆਂ ਦੇ ਦਾਅਵਿਆਂ ਦੇ ਉਲਟ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਅੰਦੋਲਨ ‘ਤੇ ਦਰਜ ਕੇਸ ਵਾਪਸ ਲੈ ਲਏ ਗਏ ਹਨ। ਹੁਣ ਤੱਕ 294 ਕੇਸ ਰੱਦ ਕੀਤੇ ਜਾ ਚੁੱਕੇ ਹਨ। ਕੁਝ ਪ੍ਰਕਿਰਿਆ ਵਿੱਚ ਹਨ। ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ 164 ਅਜਿਹੇ ਕੇਸ ਹਨ ਜਿਨ੍ਹਾਂ ਦੀ ਸਰਕਾਰ ਤੋਂ ਮਨਜ਼ੂਰੀ ਮਿਲ ਚੁੱਕੀ ਹੈ। ਅਦਾਲਤ ਨੇ 98 ਕੇਸਾਂ ਨੂੰ ਰੱਦ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।