ਹਰਿਆਣਾ ਵਿਧਾਨ ਸਭਾ ‘ਚ ਮੰਤਰੀ ‘ਤੇ ਛੇੜਛਾੜ ਦੇ ਇਲਜ਼ਾਮ ਨੂੰ ਲੈ ਕੇ ਹੰਗਾਮਾ
ਕਾਂਗਰਸੀ ਵਿਧਾਇਕਾਂ ਦਾ ਵਾਕਆਊਟ; ਸਪੀਕਰ ਨੇ ਸਦਨ ਦੀ ਕਾਰਵਾਈ ਕੀਤੀ ਮੁਲਤਵੀ
ਚੰਡੀਗੜ੍ਹ 20 ਫਰਵਰੀ(ਵਿਸ਼ਵ ਵਾਰਤਾ ਬਿਓਰੋ) – ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਪਹਿਲਾ ਹੀ ਦਿਨ ਹੰਗਾਮੇ ਦੀ ਭੇਟ ਚੜ੍ਹ ਗਿਆ। ਵਿਧਾਨ ਸਭਾ ਵਿੱਚ ਮੰਤਰੀ ਸੰਦੀਪ ਸਿੰਘ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਰਾਜਪਾਲ ਦਾ ਭਾਸ਼ਣ ਖਤਮ ਹੁੰਦੇ ਹੀ ਵਿਰੋਧੀ ਧਿਰਾਂ ਨੇ ਸੰਦੀਪ ਸਿੰਘ ਦੇ ਅਸਤੀਫੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜਿਕਰਯੋਗ ਹੈ ਕਿ ਮੰਤਰੀ ‘ਤੇ ਜੂਨੀਅਰ ਮਹਿਲਾ ਕੋਚ ਨਾਲ ਛੇੜਛਾੜ ਕਰਨ ਦਾ ਦੋਸ਼ ਹੈ। ਵਿਰੋਧੀ ਧਿਰ ਦੇ ਹੰਗਾਮੇ ਨੂੰ ਦੇਖਦੇ ਹੋਏ ਸੀਐਮ ਮਨੋਹਰ ਲਾਲ ਸੀਟ ਤੋਂ ਖੜ੍ਹੇ ਹੋ ਗਏ। ਉਨ੍ਹਾਂ ਕਿਹਾ ਕਿ ਹੁਣ ਇਸ ਦੀ ਜਾਂਚ ਚੱਲ ਰਹੀ ਹੈ। ਉਹ ਵਿਰੋਧੀ ਧਿਰ ਦੇ ਕਹਿਣ ‘ਤੇ ਅਸਤੀਫਾ ਨਹੀਂ ਦੇਣਗੇ। ਇਸ ਦੇ ਬਾਵਜੂਦ ਵਿਰੋਧੀ ਧਿਰ ਦੇ ਵਿਧਾਇਕਾਂ ਦਾ ਹੰਗਾਮਾ ਜਾਰੀ ਰਿਹਾ।
ਇਹ ਦੇਖ ਕੇ ਸਪੀਕਰ ਨੇ ਕਿਹਾ ਕਿ ਮਾਮਲੇ ਦੀ ਐੱਸ.ਆਈ.ਟੀ. ਜਾਂਚ ਪੂਰੀ ਹੋਣ ਤੱਕ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਵਿਧਾਨ ਸਭਾ ਸਪੀਕਰ ਗਿਆਨਚੰਦ ਗੁਪਤਾ ਨੇ ਕਾਂਗਰਸੀ ਵਿਧਾਇਕਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ ਸਾਬਤ ਹੋਣ ਤੱਕ ਅਸਤੀਫਾ ਨਹੀਂ ਲਿਆ ਜਾਵੇਗਾ।ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਾਕਆਊਟ ਕਰ ਦਿੱਤਾ। ਹਾਲਾਂਕਿ ਕੁਝ ਮਹਿਲਾ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕਰਨਾ ਜਾਰੀ ਰੱਖਿਆ, ਜਿਸ ਨੂੰ ਦੇਖਦੇ ਹੋਏ ਸਪੀਕਰ ਨੇ ਸਦਨ ਦੀ ਕਾਰਵਾਈ ਕੱਲ ਤੱਕ ਲਈ ਮੁਲਤਵੀ ਕਰ ਦਿੱਤੀ।