ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ !
ਸੀਨੀਅਰ ਆਗੂਆਂ ਨੇ ਛੱਡੀ ਪਾਰਟੀ ,ਨਵੀਂ ਪਾਰਟੀ ਦਾ ਕੀਤਾ ਐਲਾਨ
ਚੰਡੀਗੜ੍ਹ,23 ਅਗਸਤ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੂੰ ਹਰਿਆਣਾ ਵਿੱਚ ਵੱਡਾ ਝਟਕਾ ਲੱਗਾ ਹੈ। ਹਰਿਆਣਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਬਾਦਲ ਪਰਿਵਾਰ ਦਾ ਸਾਥ ਛੱਡ ਦਿੱਤਾ ਹੈ। ਅਕਾਲੀ ਦਲ ਛੱਡ ਕੇ ਆਏ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਪਰਿਵਾਰਵਾਦ ਦੇ ਦੋਸ਼ ਲਾਏ ਹਨ।
ਅਸਤੀਫਾ ਦੇਣ ਵਾਲਿਆਂ ਵਿੱਚ ਮੁੱਖ ਤੌਰ ‘ਤੇ ਭੁਪਿੰਦਰ ਸਿੰਘ ਅਸੰਧ ਸ਼੍ਰੋਮਣੀ ਕਮੇਟੀ ਮੈਂਬਰ ਹਰਿਆਣਾ, ਬੀਬੀ ਰਵਿੰਦਰ ਕੌਰ ਸੂਬਾ ਪ੍ਰਧਾਨ ਮਹਿਲਾ ਵਿੰਗ ਸ਼੍ਰੋਮਣੀ ਅਕਾਲੀ ਦਲ ਹਰਿਆਣਾ, ਕਵਲਜੀਤ ਸਿੰਘ ਅਜਰਾਣਾ ਸਿਆਸੀ ਸਲਾਹਕਾਰ ਕਮੇਟੀ ਤੇ ਅਕਾਲੀ ਦਲ ਹਰਿਆਣਾ ਦੇ ਬੁਲਾਰੇ, ਸੁਖਦੇਵ ਸਿੰਘ ਗੋਬਿੰਦਗੜ੍ਹ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਸ਼ਾਮਿਲ ਹੈ। ਇਸ ਦੇ ਨਾਲ ਹੀ ਉਹਨਾਂ ਨੇ ਨਵੀਂ ਪਾਰਟੀ ਦਾ ਐਲਾਨ ਵੀ ਕਰ ਦਿੱਤਾ ਹੈ । ਜਿਸ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਰੱਖਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਨੇ ਸੋਮਵਾਰ ਨੂੰ ਕਰਨਾਲ ‘ਚ ਕੀਤੀ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਅਕਾਲੀ ਦਲ ‘ਤੇ ਬਾਦਲ ਪਰਿਵਾਰ ਦਾ ਕਬਜ਼ਾ ਹੈ, ਜਿਸ ਕਾਰਨ ਅਕਾਲੀ ਦਲ ਖਤਮ ਹੋ ਗਿਆ ਹੈ। ਅਕਾਲੀ ਦਲ ਦੀ ਪੰਜਾਬ ਵਿੱਚ ਕਿਸੇ ਸਮੇਂ ਇੰਨੀ ਮਜ਼ਬੂਤ ਸੰਪਰਦਾਇਕ ਅਤੇ ਸਿਆਸੀ ਪਕੜ ਸੀ, ਅੱਜ ਉਹ ਢਿੱਲੀ ਪੈ ਗਈ ਹੈ ਅਤੇ ਇਨ੍ਹਾਂ ਗੁਨਾਹਾਂ ਕਾਰਨ ਸਿੱਖ ਸੰਗਤ ਆਪਣੇ ਪੰਥ ਦੀਆਂ ਸੰਸਥਾਵਾਂ ਤੋਂ ਦੂਰ ਹੁੰਦੀ ਜਾ ਰਹੀ ਹੈ।
5 ਮੈਂਬਰੀ ਕਮੇਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਭਵਿੱਖ ਵਿੱਚ ਹੋਰ ਮੈਂਬਰ ਵੀ ਸ਼ਾਮਲ ਕੀਤੇ ਜਾਣਗੇ। ਅੱਜ ਦੀ ਪ੍ਰੈਸ ਕਾਨਫਰੰਸ ਵਿੱਚ 10 ਜ਼ਿਲ੍ਹਿਆਂ ਦੇ ਜ਼ਿਲ੍ਹਾ ਪੱਧਰੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੁੱਜੇ ਹੋਏ ਸਨ। ਹੁਣ ਜਿਨ੍ਹਾਂ 5 ਮੈਂਬਰੀ ਕਮੇਟੀ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਵਿੱਚ ਭੁਪਿੰਦਰ ਸਿੰਘ ਅਸੰਧ, ਗੁਰਮੀਤ ਸਿੰਘ ਟਰੋਲਕੇਵਾਲ, ਕੰਵਲਜੀਤ ਸਿੰਘ ਅਜਰਾਣਾ, ਸੁਖਦੇਵ ਸਿੰਘ ਗੋਬਿੰਦਗੜ੍ਹ, ਇੰਦਰਪਾਲ ਸਿੰਘ ਕਰਨਾਲ ਸ਼ਾਮਲ ਹਨ।