ਸੰਗਤਾਂ ਦੀ ਸਹੂਲਤ ਲਈ 24 ਘੰਟੇ ਚਾਲੂ ਰਹੇਗਾ ਮੋਬਾਇਲ ਨੰਬਰ 77106-12131
ਅੰਮ੍ਰਿਤਸਰ, 4 ਜਨਵਰੀ (ਵਿਸ਼ਵ ਵਾਰਤਾ) – ਵਿਸ਼ਵ ਦੇ ਸਭ ਤੋਂ ਵੱਧ ਸੰਗਤੀ ਆਮਦ ਵਾਲੇ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਅਤੇ ਸਮੁੱਚੀ ਮਾਨਵਤਾ ਦੇ ਅਧਿਆਤਮਿਕ ਸੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਪੁੱਜਦੀਆਂ ਸੰਗਤਾਂ ਦੀ ਸੁਰੱਖਿਆ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਾਂ ਦੀ ਨਜ਼ਰਸਾਨੀ ਕਰਨ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਵਿਚ ਇੱਕ ਇਕੱਤਰਤਾ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਉੱਚ ਅਧਿਕਾਰੀ ਸ਼ਾਮਲ ਹੋਏ। ਇਕੱਤਰਤਾ ਦੌਰਾਨ ਸੁਰੱਖਿਆ ਵਿਵਸਥਾ ਸਬੰਧੀ ਪਹਿਲਾਂ ਕੀਤੇ ਗਏ ਪ੍ਰਬੰਧਾਂ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਵਰਤਮਾਨ ਸਮੇਂ ਦੇ ਅਨੁਕੂਲ ਹੋਰ ਸੇਵਾਵਾਂ ਸ਼ੁਰੂ ਕਰਨ ‘ਤੇ ਵੀ ਵਿਚਾਰ-ਵਟਾਂਟਰਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਵੇਂ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਬਿਹਤਰ ਸੁਰੱਖਿਆ ਸੇਵਾਵਾਂ ਲਈ ਪਹਿਲਾਂ ਹੀ ਪ੍ਰਬੰਧ ਕੀਤੇ ਗਏ ਹਨ, ਪਰ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਸ਼ਰਧਾਲੂ ਸੰਗਤਾਂ ਨਾਲ ਲੁੱਟ ਖੋਹ ਅਤੇ ਚੋਰੀ ਜਿਹੀਆਂ ਘਟਨਾਵਾਂ ਚਿੰਤਾਜਨਕ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅੰਦਰ ਵੱਖ-ਵੱਖ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰਿਆਂ ਦੁਆਰਾ ਸਖ਼ਤ ਨਿਗਰਾਨੀ ਦਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਇਸ ਤੋਂ ਇਲਾਵਾ ਹਰ ਥਾਂ ‘ਤੇ ਸੇਵਾਦਾਰ ਵੀ ਤਾਇਨਾਤ ਹਨ। ਡਾ. ਰੂਪ ਸਿੰਘ ਨੇ ਦੱਸਿਆ ਕਿ ਅੱਜ ਹੋਈ ਇਕੱਤਰਤਾ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਨਾਲ ਸਬੰਧਤ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਮਰਪਣ ਭਾਵਨਾ ਨਾਲ ਕਾਰਜ ਕਰਨ ਦੀ ਪ੍ਰੇਰਨਾ ਕੀਤੀ ਗਈ ਹੈ ਅਤੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਦੇ ਨਾਲ-ਨਾਲ ਲੰਗਰ ਹਾਲ, ਸਰਾਵਾਂ, ਜੋਡ਼ਾ ਘਰਾਂ ਆਦਿ ਵਿਖੇ ਨਿਗਰਾਨੀ ਸਖ਼ਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ, ਗਲਿਆਰਾ ਅਤੇ ਵਿਰਾਸਤੀ ਮਾਰਗ ਆਦਿ ਥਾਵਾਂ ‘ਤੇ ਨਿਗਰਾਨੀ ਵਧਾਉਣ ਲਈ ਵੀ ਬੀਤੇ ਦਿਨੀਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਪੁਲਿਸ ਪ੍ਰਸ਼ਾਸਨ ਨੇ ਲੋਡ਼ੀਂਦੀਆਂ ਸੋਧਾਂ ਕਰਨ ਲਈ ਕਦਮ ਚੁੱਕਣ ਦੀ ਗੱਲ ਆਖੀ ਸੀ।
ਮੁੱਖ ਸਕੱਤਰ ਨੇ ਕਿਹਾ ਕਿ ਸੰਗਤਾਂ ਲਈ ਹਰ ਤਰ੍ਹਾਂ ਦੇ ਪ੍ਰਬੰਧਾਂ ਅਤੇ ਉਨ੍ਹਾਂ ਦੀ ਸਰੁੱਖਿਆ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੰਭੀਰਤਾ ਨਾਲ ਕਾਰਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੁਰੱਖਿਆ ਨੂੰ ਲੈ ਕੇ ਇਕ ਮੋਬਾਇਲ ਨੰਬਰ 77106-12131 ਵੀ ਜਾਰੀ ਕਰ ਦਿੱਤਾ ਹੈ, ਜੋ 24 ਘੰਟੇ ਸੰਗਤਾਂ ਦੀ ਸਹੂਲਤ ਲਈ ਕਾਰਜਸ਼ੀਲ ਰਹੇਗਾ। ਡਾ. ਰੂਪ ਸਿੰਘ ਨੇ ਇਹ ਵੀ ਕਿਹਾ ਕਿ ਇਹ ਨੰਬਰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਜਾਂ ਮੀਤ ਮੈਨੇਜਰ ਪਾਸ ਮੌਜੂਦ ਹੋਵੇਗਾ ਅਤੇ ਬਦਲਵੇਂ ਪ੍ਰਬੰਧਕਾਂ ਤਹਿਤ ਦਫ਼ਤਰੀ ਸਮੇਂ ਤੋਂ ਬਾਅਦ ਵੀ ਇੱਕ ਮੈਨੇਜਰ ਡਿਊਟੀ ‘ਤੇ ਇਸ ਮੋਬਾਇਲ ਨੰਬਰ ਸਮੇਤ ਤਾਇਨਾਤ ਰਹੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ਰਧਾਲੂ ਨੂੰ ਮੁਸ਼ਕਲ ਹੋਣ ਤੇ ਇਸ ਮੋਬਾਇਲ ਨੰਬਰ ‘ਤੇ ਸੰਪਰਕ ਕਰਨ ਤਾਂ ਜੋ ਕਾਰਵਾਈ ਨੂੰ ਤੁਰੰਤ ਅਮਲ ਵਿਚ ਲਿਆਂਦਾ ਜਾ ਸਕੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਮਨਜਿੰਦਰ ਸਿੰਘ ਮੰਡ, ਵਧੀਕ ਮੈਨੇਜਰ ਸ. ਹਰਜਿੰਦਰ ਸਿੰਘ ਭੂਰਾਕੋਹਨਾ, ਸ. ਹਰਪ੍ਰੀਤ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਸੁਖਬੀਰ ਸਿੰਘ, ਸ. ਪਰਮਜੀਤ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ, ਸ. ਲਖਵਿੰਦਰ ਸਿੰਘ, ਸ. ਲਖਬੀਰ ਸਿੰਘ, ਸ. ਨਰਿੰਦਰ ਸਿੰਘ, ਸ. ਸਰੂਪ ਸਿੰਘ ਅਤੇ ਮੀਤ ਮੈਨਜਰ ਸ. ਗੁਰਪ੍ਰੀਤ ਸਿੰਘ ਸਮੇਤ ਹੋਰ ਕਰਮਚਾਰੀ ਮੌਜੂਦ ਸਨ।
Hukamnama : 🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏
Hukamnama : 🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏 Amrit vele da Hukamnama Sri Darbar Sahib, Sri Amritsar, Ang 688,...