ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾ ਰਿਹਾ ਹੈ ਸਰਕਾਰੀ ਯੋਜਨਾਵਾਂ ਦਾ ਲਾਭ : ਸੁੰਦਰ ਸ਼ਾਮ ਅਰੋੜਾ
ਕੈਬਨਿਟ ਮੰਤਰੀ ਅਰੋੜਾ ਨੇ ਪਿੰਡ ਨੰਦਨ ’ਚ ਅੱਠ ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 28 ਜੂਨ : (ਵਿਸ਼ਵ ਵਾਰਤਾ/ਤਰਸੇਮ ਦੀਵਾਨਾ ) ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸੁਵਿਧਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਵਲੋਂ ਇਸ ਗੱਲ ਦਾ ਖਾਸ ਧਿਆਨ ਰੱਖਿਆ ਗਿਆ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸੁਵਿਧਾ ਤੋਂ ਵਾਂਝਾ ਨਾ ਰਹੇ। ਉਹ ਪਿੰਡ ਨੰਦਨ ਵਿੱਚ ਅੱਠ ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਵਿੱਚ ਬਿਨ੍ਹਾਂ ਕਿਸੇ ਭੇਦ-ਭਾਵ ਦੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੰਮ ਵਿੱਚ ਗੁਣਵੱਤਾ ਵਿੱਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਖੁੱਦ ਜਾ ਕੇ ਸਾਰੇ ਕੰਮਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਚੱਲਦੇ ਸੂਬੇ ਵਿੱਚ ਇਸਦੀ ਅਲੱਗ ਪਹਿਚਾਣ ਬਣ ਗਈ ਹੈ, ਜਿਸ ਦਾ ਪੂਰਾ ਕਰੇਡਿਟ ਖੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਨੇ ਹੁਸ਼ਿਆਰਪੁਰ ਦੀ ਹਰ ਲੋੜ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਹੈ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਕਾਰਜ ਕਰਵਾਉਣ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ, ਜੋ ਕਿ ਇਲਾਕੇ ਦੇ ਲਈ ਬਹੁਤ ਵੱਡੀ ਗੱਲ ਹੈ। ਇਸ ਤੋਂ ਇਲਾਵਾ ਪਿੰਡ ਬਜਵਾੜਾ ਵਿੱਚ ਸਰਦਾਰ ਬਹਾਦਰ ਅਮੀ ਚੰਦ ਆਰਮਡ ਫੋਰਸਿਜ਼ ਪ੍ਰੀਪ੍ਰੇਟਰੀ ਇੰਸਟੀਚਿਊਟ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਥੇ ਸਾਡੇ ਨੌਜਵਾਨ ਸੈਨਾ ਅਤੇ ਸੁਰੱਖਿਆ ਬਲਾਂ ਵਿੱਚ ਅਧਿਕਾਰੀ ਦੇ ਤੌਰ ’ਤੇ ਜਾਣ ਦੇ ਲਈ ਸਿਖਲਾਈ ਹਾਸਲ ਕਰ ਪਾਉਣਗੇ।
ਇਸ ਮੌਕੇ ’ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਬਲਾਕ ਸੰਮਤੀ ਮੈਂਬਰ ਕਿਰਨ ਮੱਲ੍ਹੀ, ਸਰਪੰਚ ਪਵਨ ਕੁਮਾਰ, ਐਸ.ਡੀ.ਓ ਲੋਕ ਨਿਰਮਾਣ ਗੁਰਮੀਤ ਸਿੰਘ, ਨੰਬਰਦਾਰ ਸੁਰਿੰਦਰ ਸਿੰਘ, ਦਰਸ਼ਨ ਲਾਲ, ਅਮਰਨਾਥ, ਮਹਿੰਦਰ, ਭੁਪਿੰਦਰ (ਸਾਰੇ ਪੰਚ) , ਬਲਕਾ ਕਾਂਗਰਸ ਦੇ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਕੁਲਦੀਪ ਅਰੋੜਾ, ਸਰਪੰਚ ਕਮਲ ਕੁਮਾਰ, ਸਰਪੰਚ ਤਜਿੰਦਰ ਸਿੰਘ, ਮਨਜੀਤ ਸਿੰਘ, ਸੰਤੋਖ ਸਿੰਘ, ਸਰਬਜੀਤ ਸਿੰਘ ਸਾਬੀ, ਨੀਲਮ ਕੁਮਾਰੀ, ਨਵਜੀਤ ਕੌਰ, ਜੋਗਿੰਦਰ ਕੌਰ, ਹੇਮਾ ਆਦਿ ਵੀ ਮੌਜੂਦ ਸਨ।