ਪੰਜਾਬ ਸਰਕਾਰ ਦੇ ਇੱਕ ਹੋਰ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ
ਹਾਈਕੋਰਟ ਨੇ ‘ਇੱਕ ਵਿਧਾਇਕ ਇੱਕ ਪੈਨਸ਼ਨ’ ਨੂੰ ਲੈ ਕੇ ਸਰਕਾਰ ਨੂੰ ਨੋਟਿਸ ਕੀਤਾ ਜਾਰੀ
ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਿਧਾਇਕਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਸਬੰਧੀ ‘ਇਕ ਵਿਧਾਇਕ-ਇਕ ਪੈਨਸ਼ਨ’ ਐਕਟ ਨੂੰ ਲਾਗੂ ਕਰਨ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸੂਬੇ ‘ਚ ‘ਇਕ ਵਿਧਾਇਕ-ਇਕ ਪੈਨਸ਼ਨ’ ਕਾਨੂੰਨ ਲਾਗੂ ਕਰ ਦਿੱਤਾ ਹੈ। ਉਦੋਂ ਤੋਂ ਪੰਜਾਬ ਸਰਕਾਰ ਵਿੱਚ ਵਿਧਾਇਕ ਰਹੇ ਕਿਸੇ ਵੀ ਆਗੂ ਨੂੰ ਸਿਰਫ਼ ਇੱਕ ਹੀ ਪੈਨਸ਼ਨ ਮਿਲੇਗੀ। ਹੁਣ ਤੱਕ ਇੱਕ ਤੋਂ ਵੱਧ ਕਾਰਜਕਾਲ ਪੂਰਾ ਕਰਨ ਵਾਲੇ ਵਿਧਾਇਕ ਇੱਕ ਤੋਂ ਵੱਧ ਪੈਨਸ਼ਨ ਲੈ ਰਹੇ ਸਨ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇਸ ਕਾਨੂੰਨ ਨੂੰ ਮਨਜ਼ੂਰੀ ਦਿੱਤੀ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਇਹ ਪਟੀਸ਼ਨ ਪੰਜਾਬ ਦੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਸਮੇਤ 6 ਵਿਧਾਇਕਾਂ ਨੇ ਪਾਈ ਹੈ।