ਭਾਜਪਾ ਆਗੂ ਬੱਗਾ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ
ਹਾਈਕੋਰਟ ਨੇ ਪੰਜਾਬ ਪੁਲਿਸ ਦੀ ਪਟੀਸ਼ਨ ‘ਤੇ ਦਿੱਲੀ ਪੁਲਿਸ ਨੂੰ ਕੀਤਾ ਜਵਾਬ ਤਲਬ
ਚੰਡੀਗੜ੍ਹ,24 ਮਈ(ਵਿਸ਼ਵ ਵਾਰਤਾ)-ਦਿੱਲੀ ਹਾਈ ਕੋਰਟ ਨੇ ਅੱਜ ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਕਥਿਤ ਤੌਰ ‘ਤੇ ਅਗਵਾ ਕਰਨ ਦੀ ਐਫਆਈਆਰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਹੈ।ਹਾਈਕੋਰਟ ਨੇ ਦਿੱਲੀ ਪੁਲਿਸ, ਦਿੱਲੀ ਸਰਕਾਰ ਅਤੇ ਬੱਗਾ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਪਟੀਸ਼ਨ ਪੰਜਾਬ ਦੇ ਐਸਏਐਸ ਨਗਰ ਦੇ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਵੱਲੋਂ ਦਾਖਲ ਕੀਤੀ ਗਈ ਹੈ। ਇਸ ਸੰਬੰਧ ਵਿੱਚ ਹਾਈਕੋਰਟ ਨੇ ਦਿੱਲੀ ਪੁਲਿਸ ਨੂੰ ਚਾਰ ਹਫਤਿਆਂ ਵਿੱਚ ਆਪਣਾ ਜਵਾਬ ਦਾਖਲ ਕਰਨ ਲਈ ਕਿਹਾ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ।
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ 6 ਮਈ ਨੂੰ ਉਸਦੀ ਜਨਕਪੁਰੀ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਉਸ ਦਿਨ ਹੀ ਦਿੱਲੀ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਖਿਲਾਫ ਬੱਗਾ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਸੀ।