ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ 3 ਹਫ਼ਤਿਆਂ ਦੇ ਅੰਦਰ ਐਜੂਕੇਸ਼ਨਲ ਟ੍ਰਿਬਿਊਨਲ ਦੇ ਚੇਅਰਮੈਨ ਅਤੇ ਇੱਕ ਹੋਰ ਮੈਂਬਰ ਦੀ ਨਿਯੁਕਤੀ ਕਰਨ ਦੇ ਹੁਕਮ
ਚੰਡੀਗੜ੍ਹ 24 ਨਵੰਬਰ(ਵਿਸ਼ਵ ਵਾਰਤਾ) -ਅੱਜ ਇੱਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਹਫ਼ਤਿਆਂ ਦੇ ਅੰਦਰ ਐਜੂਕੇਸ਼ਨਲ ਟ੍ਰਿਬਿਊਨਲ ਦੇ ਚੇਅਰਮੈਨ ਅਤੇ ਇੱਕ ਹੋਰ ਮੈਂਬਰ ਦੀ ਨਿਯੁਕਤੀ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਹ ਹੁਕਮ ਅੱਜ ਐਜੂਕੇਸ਼ਨਲ ਟ੍ਰਿਬਿਊਨਲ ਦੇ ਵਿਵਾਦ ਸਬੰਧੀ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤਾ ਹੈ। ਦਰਅਸਲ ਸਕੂਲ ਵੱਲੋਂ ਸਕੂਲ ਦੀ ਇੱਕ ਅਧਿਆਪਕਾ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਜਿਸ ਦੇ ਖਿਲਾਫ ਅਧਿਆਪਕਾ ਨੇ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਵਿੱਚ ਅਪੀਲ ਦਾਇਰ ਕੀਤੀ ਸੀ ਪਰ ਐਜੂਕੇਸ਼ਨਲ ਟ੍ਰਿਬਿਊਨਲ ਦੇ ਚੇਅਰਮੈਨ ਅਤੇ ਇੱਕ ਮੈਂਬਰ ਸੇਵਾਮੁਕਤ ਹੋ ਚੁੱਕੇ ਹਨ। ਅਜਿਹੇ ‘ਚ ਇਕ ਮੈਂਬਰ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਨੋਟਿਸ ਜਾਰੀ ਕੀਤਾ ਪਰ ਕੋਰਮ ਪੂਰਾ ਹੋਣ ਦੀ ਗੱਲ ਕਹਿ ਕੇ ਬਰਖ਼ਾਸਤਗੀ ਦੇ ਹੁਕਮਾਂ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ |
ਜਿਸ ਤੋਂ ਬਾਅਦ ਪਟੀਸ਼ਨਕਰਤਾ ਨੇ ਆਪਣੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਹਾਈਕੋਰਟ ਨੇ ਮੈਨੇਜਿੰਗ ਕਮੇਟੀ ਅਤੇ ਸਕੂਲ ਦੇ ਪ੍ਰਿੰਸੀਪਲ ਨੂੰ ਨੋਟਿਸ ਜਾਰੀ ਕਰਦੇ ਹੋਏ ਅਧਿਆਪਕਾ ਦੀ ਬਰਖਾਸਤਗੀ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਅਤੇ ਨਾਲ ਹੀ ਪੰਜਾਬ ਸਰਕਾਰ ਨੂੰ ਤਿੰਨ ਹਫਤਿਆਂ ਦੇ ਅੰਦਰ ਟ੍ਰਿਬਿਊਨਲ ਦੇ ਚੇਅਰਮੈਨ ਦੇ ਨਾਲ-ਨਾਲ ਕਿਸੇ ਹੋਰ ਮੈਂਬਰ ਦੀ ਨਿਯੁਕਤੀ ਕਰਨ ਦੇ ਆਦੇਸ਼ ਦਿੱਤੇ।