ਮੁੱਖ ਮੰਤਰੀ ਭਗਵੰਤ ਮਾਨ ਦੇ ਡਰੀਮ ਪ੍ਰਾਜੈਕਟ ਨੂੰ ਝਟਕਾ
ਹਾਈ ਕੋਰਟ ਨੇ ਸੰਗਰੂਰ ਮੈਡੀਕਲ ਕਾਲਜ ਦੇ ਨਿਰਮਾਣ ਕਾਰਜ ‘ਤੇ ਲਗਾਈ ਪਾਬੰਦੀ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,24 ਅਗਸਤ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਡਰੀਮ ਪ੍ਰੋਜੈਕਟ ਸੰਗਰੂਰ ਮੈਡੀਕਲ ਕਾਲਜ ਨੂੰ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਦੇ ਨਿਰਮਾਣ ‘ਤੇ ਰੋਕ ਲਗਾ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਜ਼ਮੀਨ ਦੇ ਤਬਾਦਲੇ ਨੂੰ ਲੈ ਕੇ ਇਤਰਾਜ਼ ਉਠਾਇਆ ਹੈ।
ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਹ ਜ਼ਮੀਨ ਗੁਰਦੁਆਰਾ ਸਾਹਿਬ ਦੀ ਹੈ। ਟਰੱਸਟ ਇਸ ਨੂੰ ਆਪਣੇ ਪੱਧਰ ‘ਤੇ ਸਰਕਾਰ ਨੂੰ ਕਾਲਜ ਤਬਦੀਲ ਕਰਨ ਜਾਂ ਬਣਾਉਣ ਦੀ ਇਜਾਜ਼ਤ ਨਹੀਂ ਦੇ ਸਕਦਾ। ਜਿਸ ਤੋਂ ਬਾਅਦ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ ਨੂੰ ਹੋਵੇਗੀ। ਜਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਨੇ 5 ਅਗਸਤ ਨੂੰ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਸੀ। ਹਾਲਾਂਕਿ, ਸ਼੍ਰੋਮਣੀ ਕਮੇਟੀ ਜੁਲਾਈ ਵਿੱਚ ਪਹਿਲਾਂ ਹੀ ਹਾਈਕੋਰਟ ਪਹੁੰਚ ਚੁੱਕੀ ਸੀ। ਸ਼੍ਰੋਮਣੀ ਕਮੇਟੀ ਨੇ ਇਹ ਜ਼ਮੀਨ ਗੁਰਦੁਆਰਾ ਟਰੱਸਟ ਦੀ ਤਰਫੋਂ ਪੰਜਾਬ ਸਰਕਾਰ ਨੂੰ ਤੋਹਫੇ ਵਜੋਂ ਦੇਣ ਦਾ ਵਿਰੋਧ ਕੀਤਾ ਸੀ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਜ਼ਮੀਨ ਦੀ ਮਾਲਕੀ ਗੁਰਦੁਆਰੇ ਦੀ ਹੈ। ਇਹ ਗੁਰਦੁਆਰਾ SGPC ਅਧੀਨ ਆਉਂਦਾ ਹੈ। ਹਾਈ ਕੋਰਟ ਨੇ ਵੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।
ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਦੇ ਨਾਂ ’ਤੇ ਬਣ ਰਹੇ ਕਾਲਜ ’ਤੇ 345 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰੋਜੈਕਟ ਨੂੰ 31 ਮਾਰਚ 2023 ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸ ਵਿੱਚ ਅਗਲੇ ਸਾਲ 1 ਅਪ੍ਰੈਲ ਤੋਂ ਵਿੱਦਿਅਕ ਸੈਸ਼ਨ ਸ਼ੁਰੂ ਕਰਨ ਦੀਆਂ ਤਿਆਰੀਆਂ ਵੀ ਕੀਤੀਆਂ ਗਈਆਂ। ਇਹ ਮੈਡੀਕਲ ਕਾਲਜ 25 ਏਕੜ ਵਿੱਚ ਬਣ ਰਿਹਾ ਹੈ।