ਹਾਈ ਕੋਰਟ ਵਿੱਚ ਪੰਜਾਬ ਸਰਕਾਰ ਦਾ ਜਵਾਬ – ਘਰ-ਘਰ ਆਟਾ ਸਕੀਮ ‘ਚ ਹੋਵੇਗੀ ਸੋਧ,ਹਾਈਕੋਰਟ ਨੇ ਪਟੀਸ਼ਨ ਦਾ ਕੀਤਾ ਨਿਪਟਾਰਾ
ਚੰਡੀਗੜ੍ਹ 18 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਦੇ ਖੁਰਾਕ ਅਤੇ ਸਪਲਾਈ ਵਿਭਾਗ ਦੀ ਤਰਫੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਹ ਜਵਾਬ ਦਿੱਤਾ ਗਿਆ ਹੈ ਕਿ ਪੰਜਾਬ ਸਰਕਾਰ ਘਰ-ਘਰ ਆਟਾ ਸਕੀਮ ਵਿੱਚ ਸੋਧ ਕਰੇਗੀ ਅਤੇ ਸਾਰਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਇਸ ‘ਤੇ ਬੈਂਚ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਦੱਸ ਦਈਏ ਕਿ NFSA ਡਿਪੂ ਹੋਲਡਰਸ ਵੈਲਫੇਅਰ ਅਸਿਸਟੈਂਟ ਪੰਜਾਬ ਤਰਫੋਂ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵਾਂਗ ਕੰਮ ਕਰਨ ਦਿੱਤਾ ਜਾਵੇ। ਨਵੀਂ ਸਕੀਮ ਰਾਹੀਂ ਉਨ੍ਹਾਂ ਦੇ ਸਰਕਾਰੀ ਰਾਸ਼ਨ ਡਿਪੂਆਂ ਦੇ ਹੱਕ ਖੋਹੇ ਜਾ ਰਹੇ ਹਨ। ਪੰਜਾਬ ਸਰਕਾਰ 1 ਅਕਤੂਬਰ ਤੋਂ ਘਰ-ਘਰ ਆਟਾ ਪਹੁੰਚਾਉਣ ਦੀ ਯੋਜਨਾ ਨੂੰ ਲਾਗੂ ਕਰਨ ਦੀ ਤਿਆਰੀ ਕਰ ਰਹੀ ਸੀ।