ਹਿਜਾਬ ਵਿਵਾਦ ‘ਤੇ ਸੁਪਰੀਮ ਕੋਰਟ ਦੇ ਜੱਜਾਂ ਦੇ ਵੱਖੋ-ਵੱਖਰੇ ਵਿਚਾਰ,ਮਾਮਲਾ ਹੁਣ ਜਾਵੇਗਾ ਚੀਫ ਜਸਟਿਸ ਦੇ ਸਾਹਮਣੇ
ਚੰਡੀਗੜ੍ਹ 13 ਸਤੰਬਰ(ਵਿਸ਼ਵ ਵਾਰਤਾ)- ਕਰਨਾਟਕ ਹਿਜਾਬ ਵਿਵਾਦ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਹਿਜਾਬ ਵਿਵਾਦ ‘ਤੇ ਸੁਪਰੀਮ ਕੋਰਟ ਦੇ ਜੱਜਾਂ ਦੇ ਵੱਖੋ-ਵੱਖਰੇ ਵਿਚਾਰ ਹਨ। ਬੈਂਚ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਚਿਤ ਫੈਸਲੇ ਲਈ ਮਾਮਲਾ ਸੀਜੇਆਈ ਕੋਲ ਭੇਜਿਆ ਜਾਣਾ ਚਾਹੀਦਾ ਹੈ ਅਤੇ ਨਾਲ ਹੀ ਵੱਖਰੇ ਅਤੇ ਵੱਡੇ ਬੈਂਚ ਦੇ ਗਠਨ ਦੀ ਵੀ ਮੰਗ ਕੀਤੀ ਜਾਵੇਗੀ।
ਮਾਮਲੇ ਦੀ ਸੁਣਵਾਈ ਦੌਰਾਨ ਪਟੀਸ਼ਨਕਰਤਾ ਨੇ ਦਲੀਲ ਦਿੱਤੀ ਸੀ ਕਿ ਵਿਦਿਆਰਥਣਾਂ ਸਕਲੂ ਦੀਆਂ ਵਿਦਿਆਰਥਣਾਂ ਹੋਣ ਦੇ ਨਾਲ ਨਾਲ ਭਾਰਤ ਦੀਆਂ ਨਾਗਰਿਕ ਵੀ ਹਨ। ਅਜਿਹੇ ‘ਚ ਡਰੈੱਸ ਕੋਡ ਦਾ ਨਿਯਮ ਲਾਗੂ ਕਰਨਾ ਉਨ੍ਹਾਂ ਦੇ ਸੰਵਿਧਾਨਕ ਅਧਿਕਾਰ ਦੀ ਉਲੰਘਣਾ ਹੋਵੇਗੀ। ਇਸ ਤੋਂ ਪਹਿਲਾਂ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਇਸ ਮਾਮਲੇ ‘ਚ 10 ਦਿਨਾਂ ਤੱਕ ਬਹਿਸ ਸੁਣਨ ਤੋਂ ਬਾਅਦ 22 ਸਤੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬੈਂਚ ਨੇ ਕਰਨਾਟਕ ਸਰਕਾਰ ਅਤੇ ਮੁਸਲਿਮ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਅਸੀਂ ਤੁਹਾਡੀਆਂ ਸਾਰੀਆਂ ਗੱਲਾਂ ਸੁਣ ਲਈਆਂ ਹਨ। ਦੱਸ ਦਈਏ ਕਿ ਹਿਜਾਬ ਵਿਵਾਦ ‘ਤੇ ਕਰਨਾਟਕ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ 23 ਪਟੀਸ਼ਨਾਂ ਦਾਇਰ ਹਨ। ਇਹ ਮਾਰਚ ਵਿੱਚ ਦਾਇਰ ਕੀਤੇ ਗਏ ਸਨ।
ਸੁਣਵਾਈ ਦੌਰਾਨ ਪਟੀਸ਼ਨਕਰਤਾ ਨੇ ਕਿਹਾ ਸੀ ਕਿ ਹਿਜਾਬ ਦਾ ਮੁੱਦਾ ਧਾਰਮਿਕ ਅਤੇ ਵਿਅਕਤੀਗਤ ਆਜ਼ਾਦੀ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਮਾਮਲੇ ਨੂੰ ਸੰਵਿਧਾਨਕ ਬੈਂਚ ਕੋਲ ਭੇਜਿਆ ਜਾਣਾ ਚਾਹੀਦਾ ਹੈ। ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ 15 ਮਾਰਚ ਨੂੰ, ਕਰਨਾਟਕ ਹਾਈ ਕੋਰਟ ਨੇ ਸਰਕਾਰੀ ਪ੍ਰੀ-ਯੂਨੀਵਰਸਿਟੀ ਗਰਲਜ਼ ਕਾਲਜ, ਉਡੁਪੀ ਦੀਆਂ ਕੁਝ ਮੁਸਲਿਮ ਵਿਦਿਆਰਥਣਾਂ ਦੀ ਇੱਕ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਉਨ੍ਹਾਂ ਵੱਲੋਂ ਕਲਾਸ ਵਿੱਚ ਹਿਜਾਬ ਪਹਿਨਣ ਦੀ ਮੰਗ ਕੀਤੀ ਗਈ ਸੀ। ਅਦਾਲਤ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਕੁਝ ਲੜਕੀਆਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਸੁਣਵਾਈ ਹੋ ਰਹੀ ਹੈ।