ਹਿਮਾਚਲ ਪ੍ਰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ ਹੋਇਆ ਰੱਦ
ਜਾਣੋ ਕੀ ਹੈ ਵਜ੍ਹਾ
ਚੰਡੀਗੜ੍ਹ 9 ਨਵੰਬਰ (ਵਿਸ਼ਵ ਵਾਰਤਾ)- ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੋਲਨ ਦੇ ਨਾਲਾਗੜ੍ਹ ਵਿੱਚ ਰੋਡ ਸ਼ੋਅ ਕੀਤਾ ਜਾਣਾ ਸੀ। ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਦਾ ਰੋਡ ਸ਼ੋਅ ਰੱਦ ਕਰ ਦਿੱਤਾ ਗਿਆ ਹੈ। ਹਾਲਾਂਕਿ ਰੋਡ ਸ਼ੋਅ ਦੇ ਰੱਦ ਕੀਤੇ ਜਾਣ ਪਿੱਛੇ ਦੀ ਅਸਲੀ ਵਜ੍ਹਾ ਅਧਿਕਾਰਤ ਤੌਰ ਤੇ ਆਮ ਆਦਮੀ ਪਾਰਟੀ ਵੱਲੋਂ ਦੱਸੀ ਨਹੀਂ ਗਈ ਹੈ। ਪਰ, ਇਹ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਇਸ ਦੇ ਪਿੱਛੇ ਪੰਜਾਬ ਦੇ ਸਾਬਕਾ ਸੈਨਿਕਾਂ ਵੱਲੋਂ ਕੀਤਾ ਜਾ ਰਿਹਾ ਵਿਰੋਧ ਪ੍ਰਦਰਸ਼ਨ ਹੈ। ਦੱਸ ਦਈਏ ਕਿ ਸਾਬਕਾ ਸੈਨਿਕ ਕਾਲੇ ਬਿੱਲੇ ਲਗਾ ਕੇ ਆਮ ਆਦਮੀ ਪਾਰਟੀ ਅਤੇ ਸੀਐਮ ਭਗਵੰਤ ਮਾਨ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਚੋਣ ਮਨੋਰਥ ਪੱਤਰ ਵਿੱਚ ਜੋ ਵਾਅਦੇ ਕੀਤੇ ਸਨ, ਉਹ ਸਾਰੇ ਅਧੂਰੇ ਹਨ। ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਸਿਰਫ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਜੋ ਹੁਣ ਹਿਮਾਚਲ ਨੂੰ ਕਰਨ ਆ ਰਹੇ ਹਨ। ਦੱਸ ਦੇਈਏ ਕਿ ਗਾਰਡੀਅਨਜ਼ ਆਫ ਗਵਰਨੈਂਸ (ਜੀ.ਓ.ਜੀ.) ਸਕੀਮ ਨੂੰ ਰੱਦ ਕਰਨ ਨੂੰ ਲੈ ਕੇ ਪੰਜਾਬ ਦੇ ਸਾਬਕਾ ਸੈਨਿਕਾਂ ਵਿੱਚ ਭਾਰੀ ਰੋਸ ਹੈ।
ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ 3 ਨਵੰਬਰ ਨੂੰ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸੋਲਨ ਵਿੱਚ ਹੋਏ ਰੋਡ ਸ਼ੋਅ ਵਿੱਚ ਪੰਜਾਬ ਦੇ ਅਧਿਆਪਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਸ਼ੋਅ ਦੌਰਾਨ ਕੁੱਟਮਾਰ ਵਰਗੇ ਮਾਮਲੇ ਸਾਹਮਣੇ ਆਏ ਸਨ। ਦੱਸ ਪਾਰਟੀ ਦੇ ਮੀਡੀਆ ਇੰਚਾਰਜ ਅਮਿਤ ਰਾਵਤ ਨੇ ਕਿਹਾ ਕਿ ਸੀਐਮ ਮਾਨ ਦੀ ਥਾਂ ਹੁਣ ਰੋਡਸ਼ੋ ਮੰਤਰੀ ਅਨਮੋਲ ਗਗਨ ਮਾਨ ਕਰਨਗੇ।