ਹੁਣ DIG ਹਰਚਰਨ ਸਿੰਘ ਭੁੱਲਰ ਕਰਨਗੇ ਬਿਕਰਮ ਮਜੀਠੀਆ ਨਸ਼ਾ ਤਸਕਰੀ ਕੇਸ ਦੀ ਜਾਂਚ
ਚੰਡੀਗੜ੍ਹ,2ਜਨਵਰੀ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਐਸਆਈਟੀ ਵਿੱਚ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਖਿਲਾਫ 20 ਅਗਸਤ 2021 ਨੂੰ ਕ੍ਰਾਈਮ ਬ੍ਰਾਂਚ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਐਸਆਈਟੀ ਦੀ ਕਮਾਨ ਪਹਿਲਾਂ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਨੂੰ ਸੌਂਪੀ ਗਈ ਸੀ। ਉਹ ਅੱਠ ਮਹੀਨੇ ਇਸ ਐਸਆਈਟੀ ਦੇ ਮੁਖੀ ਰਹੇ।