ਪੰਜਾਬ ‘ਚ ਸਰਕਾਰ ਅਤੇ ਅਫਸਰਸ਼ਾਹੀ ਆਹਮੋ ਸਾਹਮਣੇ
ਹੜਤਾਲ ਤੇ ਚੱਲ ਰਹੇ ਪੀਸੀਐਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਚੇਤਾਵਨੀ
ਚੰਡੀਗੜ੍ਹ 11 ਜਨਵਰੀ(ਵਿਸ਼ਵ ਵਾਰਤਾ) – ਲੁਧਿਆਣਾ ਦੇ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦੀ ਵਿਜੀਲੈਂਸ ਵੱਲੋਂ ਕੀਤੀ ਗਈ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਪੀਸੀਐਸ ਅਧਿਕਾਰੀ ਹੜਤਾਲ ‘ਤੇ ਹਨ। ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦਾ ਅਲਟੀਮੇਟਮ ਦਿੱਤਾ ਹੈ।
ਸੀਐਮ ਭਗਵੰਤ ਮਾਨ ਨੇ ਅੱਜ ਸਵੇਰੇ ਹੀ ਇੱਕ ਹੁਕਮ ਜਾਰੀ ਕਰ ਦਿੱਤਾ ਹੈ। ਜਿਸ ਵਿੱਚ ਉਹਨਾਂ ਲਿਖਿਆ ਹੈ ਕਿ ”ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਅਧਿਕਾਰੀ ਡਿਊਟੀ ਜੁਆਇਨ ਨਹੀਂ ਕਰ ਰਹੇ ਹਨ ਅਤੇ ਹੜਤਾਲ ‘ਤੇ ਹਨ। ਉਹ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਰਕਾਰੀ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਤੋਂ ਨਾਰਾਜ਼ ਹਨ। ਮੁੱਖ ਮੰਤਰੀ ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾ ਰਹੀ ਹੈ।
ਸੀਐਮ ਭਗਵੰਤ ਮਾਨ ਨੇ ਆਪਣੇ ਆਦੇਸ਼ ਵਿੱਚ ਇਸ ਹੜਤਾਲ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਉਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਲਿਖਿਆ ਹੈ ਕਿ ਜੋ ਵੀ ਅਧਿਕਾਰੀ ਅੱਜ 11 ਜਨਵਰੀ 2023 ਨੂੰ ਦੁਪਹਿਰ 2 ਵਜੇ ਤੱਕ ਆਪਣੀ ਡਿਊਟੀ ਜੁਆਇਨ ਨਹੀਂ ਕਰੇਗਾ, ਉਸ ਨੂੰ ਮੁਅੱਤਲ ਕਰ ਦਿੱਤਾ ਜਾਵੇ। ਜੋ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਨਹੀਂ ਕਰੇਗਾ, ਉਸ ਦੀ ਗੈਰ-ਹਾਜ਼ਰੀ ਨੂੰ ਗੈਰ-ਜ਼ਿੰਮੇਵਾਰ ਮੰਨਿਆ ਜਾਵੇਗਾ।
ਇਸ ਦੇ ਨਾਲ ਹੀ ਦੱਸ ਦਈਏ ਕਿ ਵਿਜੀਲੈਂਸ ਨੇ ਪੰਜਾਬ ਦੇ ਲੁਧਿਆਣਾ ਵਿੱਚ ਆਰਟੀਏ ਵਜੋਂ ਤਾਇਨਾਤ ਨਰਿੰਦਰ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦਾ ਪੀਸੀਐਸ ਕਾਡਰ ਨਾਰਾਜ਼ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਜਿਹੀ ਕਿਸੇ ਸ਼ਿਕਾਇਤ ਦੇ ਆਧਾਰ ’ਤੇ ਕਿਸੇ ਅਧਿਕਾਰੀ ਖ਼ਿਲਾਫ਼ ਕਾਰਵਾਈ ਨਹੀਂ ਕਰ ਸਕਦੀ। ਜਿਸ ਤੋਂ ਬਾਅਦ ਸਾਰੇ ਪੀਸੀਐਸ ਅਧਿਕਾਰੀਆਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ ਸੀ।
ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ.. pic.twitter.com/bzc3aYGO9N
— Bhagwant Mann (@BhagwantMann) January 11, 2023