ਜ਼ਿਲੇ ਦੀਆਂ ਮੰਡੀਆਂ ਵਿਚ 2 ਲੱਖ 32 ਹਜ਼ਾਰ ਮੀਟਿ੍ਰਕ ਟਨ ਕਣਕ ਦੀ ਆਮਦ ਦਾ ਅਨੁਮਾਨ-ਡਾ. ਰਾਜ ਕੁਮਾਰ

ਨਵਾਂਸ਼ਹਿਰ, 8 ਅਪ੍ਰੈਲ (ਵਿਸ਼ਵ ਵਾਰਤਾ)- : ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਜਿਥੇ ਹਾੜੀ ਸੀਜ਼ਨ ਲਈ ਕਣਕ ਦੀ ਨਿਰਵਿਘਨ ਅਤੇ ਸੁਚੱਜੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਉਥੇ ਖ਼ਰੀਦ ਪ੍ਰਕਿਰਿਆ ਦੌਰਾਨ ਕੋਵਿਡ ਤੋਂ ਬਚਾਅ ਲਈ ਵੀ ਪੁਖ਼ਤਾ ਇੰਤਜਾਮ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਇਸ ਵਾਰ ਜ਼ਿਲੇ ਦੀਆਂ ਮੰਡੀਆਂ ਵਿਚ 2 ਲੱਖ 32 ਹਜ਼ਾਰ ਮੀਟਿ੍ਰਕ ਟਨ ਦੇ ਕਰੀਬ ਕਣਕ ਦੀ ਆਮਦ ਦਾ ਅਨੁਮਾਨ ਹੈ। ਉਨਾਂ ਦੱਸਿਆ ਕਿ ਕੋਵਿਡ-19 ਦੀ ਦੂਜੀ ਲਹਿਰ ਕਾਰਨ ਕਣਕ ਦੀ ਕਟਾਈ ਦੌਰਾਨ ਕਿਸਾਨਾਂ ਨੂੰ ਵਿਸ਼ੇਸ਼ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ। ਉਨਾਂ ਕਿਹਾ ਕਿ ਕਣਕ ਦੀ ਕਟਾਈ ਦੌਰਾਨ ਸਮਾਜਿਕ ਦੂਰੀ, ਮਾਸਕ ਪਹਿਨਣ ਸਮੇਤ ਹੋਰ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ ਹੈ। ਇਸੇ ਤਰਾਂ ਕਣਕ ਦੀ ਕਟਾਈ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਵੀ ਜ਼ਰੂਰੀ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲ ਵੀ ਕੋਰੋਨਾ ਕਾਲ ਦੌਰਾਨ ਫ਼ਸਲਾਂ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਸਨ, ਜਿਸ ਸਦਕਾ ਜਿਥੇ ਖ਼ਰੀਦ ਸੁਚਾਰੂ ਢੰਗ ਨਾਲ ਕੀਤੀ ਗਈ, ਉਥੇ ਮੰਡੀਆਂ ਵਿਚ ਕੋਵਿਡ ਨੂੰ ਫੈਲਣ ਤੋਂ ਰੋਕਣ ਵਿਚ ਵੀ ਸਫਲਤਾ ਹਾਸਲ ਕੀਤੀ ਗਈ। ਹੁਣ ਵੀ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਸਰਕਾਰੀ ਖ਼ਰੀਦ ਸਬੰਧੀ ਪੰਜਾਬ ਸਰਕਾਰ ਵੱਲੋਂ ਬੇਹੱਦ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਤੋਂ ਇਲਾਵਾ ਮੰਡੀਆਂ ਵਿਚ ਕੋਵਿਡ ਤੋਂ ਬਚਾਅ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਕਿਸੇ ਤਰਾਂ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਮੰਡੀਆਂ ਵਿਚ ਸਫ਼ਾਈ ਅਤੇ ਸੈਨੀਟਾਈਜ਼ੇਸ਼ਨ ਦੇ ਕੰਮ ਜ਼ੋਰਾਂ ’ਤੇ ਚੱਲ ਰਹੇ ਹਨ।