ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ ਵੱਲੋਂ ਕੇਂਦਰੀ ਜ਼ੇਲ੍ਹ ਦਾ ਅਚਨਚੇਤ ਦੌਰਾ

ਕਪੂਰਥਲਾ, 27 ਜਨਵਰੀ( ਵਿਸ਼ਵ ਵਾਰਤਾ)-ਕੇਂਦਰੀ ਜ਼ੇਲ੍ਹ ਕਪੂਰਥਲਾ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਬੰਦੀਆਂ ਦੀਆਂ ਮੁਸ਼ਕਲਾਂ ਦੇ ਹੱਲ ਜਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ ਕਿਸ਼ੋਰ ਕੁਮਾਰ , ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੇਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਕੇਂਦਰੀ ਜੇਲ੍ਹ, ਕਪੂਰਥਲਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਇਸ ਮੌਕੇ ਉਨ੍ਹਾਂ ਬੰਦੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਵਿਸਥਾਰਪੂਰਵਕ ਸੁਣਿਆ ਤੇ ਜੇਲ੍ਹ ਪ੍ਰਸ਼ਾਸਨ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨੂੰ ਨਿਰਦੇਸ਼ ਜਾਰੀ ਕੀਤੇ ਕਿ ਹਰੇਕ ਲੋੜਵੰਦ ਹਵਾਲਾਤੀ ਅਤੇ ਕੈਦੀ ਨੂੰ ਮੁਫਤ ਵਕੀਲ ਦੀਆਂ ਸੇਵਾਵਾਂ ਉਪਲੱਬਧ ਕਰਵਾਉਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਸਜਾ ਭੁਗਤ ਰਹੇ ਕੈਦੀ ਮੁਫਤ ਕਾਨੂੰਨੀ ਸਹਾਇਤਾ ਦਾ ਲਾਭ ਲੈ ਕੇ ਉਪਰਲੀਆਂ ਅਦਾਲਤਾਂ ਵਿੱਚ ਅਪੀਲ ਦਾਇਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਅਦਾਲਤਾਂ ਵਿੱਚ ਚੱਲ ਰਹੇ ਕਸੱਟਡੀ ਦੇ ਕੇਸਾਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਰੇ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।ਉਨਾਂ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਸ਼ਾ ਛੱਡਣ ਲਈ ਪੇ੍ਰਿਤ ਕੀਤਾ। ਉਪਰੰਤ ਉਨ੍ਹਾਂ ਵਲੋਂ ਸੈਂਟਰਲ ਜ਼ੇਲ੍ਹ ਵਿੱਚ ਬੰਦ ਸਮੂਹ ਐਚ.ਆਈ.ਵੀ. ਅਤੇ ਹੋਰ ਬਿਮਾਰੀਆਂ ਨਾਲ ਪੀੜਿਤ ਹਵਾਲਾਤੀਆਂ ਅਤੇ ਕੈਦੀਆਂ ਦਾ ਸੰਭਵ ਇਲਾਜ ਕਰਵਾਉਣ ਲਈ ਜ਼ੇਲ੍ਹ ਪ੍ਰਸ਼ਾਸਨ ਅਤੇ ਜ਼ੇਲ੍ਹ ਵਿੱਚ ਤੈਨਾਤ ਡਾਕਟਰਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ।
ਸ਼ੈਸ਼ਨ ਜੱਜ ਵਲੋਂ ਵੂਮੈਨ ਬੈਰਕ ਦਾ ਦੌਰਾ ਵੀ ਕੀਤਾ ਗਿਆ ਤੇ ਬੰਦ ਔਰਤ ਹਵਾਲਾਤਣਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਚੈਕਿੰਗ ਕੀਤੀ ਗਈ ਅਤੇ ਜੇਲ੍ਹ ਪ੍ਰਸਾਸ਼ਨ ਨੂੰ ਹਦਾਇਤ ਕੀਤੀ ਗਈ ਕਿ ਖਾਣਾ ਪਕਾਉਣ ਵਾਲੀ ਥਾਂ ਦੀ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਖਾਣਾ ਢੱਕ ਕੇ ਰੱਖਿਆ ਜਾਵੇ ਅਤੇ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ।ਇਸ ਮੌਕੇ ਸ਼੍ਰੀ ਅਜੀਤ ਪਾਲ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨੇ ਕਿਹਾ ਕਿ ਮਿਤੀ 10—04—2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਰਾਜੀਨਾਮੇਯੋਗ ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਨਾਲ ਹੀ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਸੱਮਸਿਆਂ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾਵੇ।ਇਸ ਮੋਕੇ ਸ਼੍ਰੀ ਬਲਜੀਤ ਸਿੰਘ ਘੁੰਮਣ, ਸੁਪਰਡੈਂਟ ਕੇਂਦਰੀ ਜ਼ੇਲ੍ਹ, ਕਪੂਰਥਲਾ, ਸ਼੍ਰੀ ਨਰਪਿੰਦਰ ਸਿੰਘ, ਡਿਪਟੀ ਸੁਪਰਡੈਂਟ ਕੇਂਦਰੀ ਜ਼ੇਲ੍ਹ, ਕਪੂਰਥਲਾ ਤੋਂ ਇਲਾਵਾ ਜ਼ੇਲ੍ਹ ਕਰਮਚਾਰੀ ਵੀ ਹਾਜਰ ਸਨ।






















