ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਪਹਿਲੇ ਦਿਨ 55 ਹਜ਼ਾਰ ਬੱਚਿਆਂ ਨੂੰ ਪਿਲਾਈ ਦਵਾਈ
ਜ਼ਿਲ੍ਹੇ ਵਿਚ ਡੇਢ ਲੱਖ ਤੋਂ ਵੱਧ ਬੱਚਿਆਂ ਨੂੰ ਪਿਆਈਆਂ ਜਾਣਗੀਆਂ ‘ਦੋ ਬੂੰਦਾਂ ਜ਼ਿੰਦਗੀ ਦੀਆਂ’

ਮੋਹਾਲੀ, 31 ਜਨਵਰੀ (ਸਤੀਸ਼ ਕੁਮਾਰ ਪੱਪੀ)-ਤਿੰਨ ਰੋਜ਼ਾ ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.) ਮੁਹਿੰਮ ਤਹਿਤ ਜ਼ਿਲ੍ਹਾ ਮੋਹਾਲੀ ਵਿਚ ਪਹਿਲੇ ਦਿਨ 54,845 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਜ਼ਿਲ੍ਹੇ ਵਿਚ 1,53,835 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ। ਉਨ੍ਹਾਂ ਦਸਿਆ ਕਿ ਇਸ ਮੁਹਿੰਮ ਤਹਿਤ ਪਹਿਲੇ ਦਿਨ ਬੂਥਾਂ ’ਤੇ ਦਵਾਈ ਪਿਲਾਈ ਗਈ ਹੈ ਅਤੇ ਦੂਜੇ ਅਤੇ ਤੀਜੇ ਦਿਨ ਸਿਹਤ ਕਾਮੇ ਘਰ-ਘਰ ਜਾ ਕੇ ਦਵਾਈ ਪਿਲਾਉਣਗੇ। ਉਨ੍ਹਾਂ ਦਸਿਆ ਕਿ ਉੱਚ ਜੋਖਮ ਵਾਲੇ ਖੇਤਰ, ਪਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ-ਬਸਤੀ ਸਮੇਤ ਸਾਰੇ ਖੇਤਰ ਕਵਰ ਕੀਤੇ ਜਾਣਗੇ।
ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਵੀਨਾ ਜਰੇਵਾਲ ਅਤੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਫ਼ੇਜ਼ 6 ਦੀ ਕਾਲੋਨੀ ਵਿਚ ਜਾ ਕੇ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਦਸਿਆ ਕਿ ਉਨ੍ਹਾਂ ਨੇ ਜਿਹੜੇ ਵੀ ਬੱਚੇ ਨੂੰ ਵੇਖਿਆ, ਉਸ ਨੂੰ ਦਵਾਈ ਪਿਲਾਈ ਹੋਈ ਸੀ। ਡਾ. ਵੀਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਭਾਵੇਂ ਬੱਚੇ ਦਾ ਕੁਝ ਘੰਟੇ ਪਹਿਲਾਂ ਹੀ ਜਨਮ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬੀਮਾਰੀ ਹੋਵੇ ਕਿਉਂਕਿ ਇਹ ਦਵਾਈ ਪੀਣ ਨਾਲ ਕੋਈ ਮਾੜਾ ਅਸਰ ਨਹੀਂ ਹੁੰਦਾ।
ਡਾ. ਵੀਨਾ ਜਰੇਵਾਲ ਨੇ ਦਸਿਆ ਕਿ ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਭਰ ਵਿਚ ਕੁਲ 548 ਬੂਥ ਅਤੇ ਕੁਲ 1096 ਟੀਮਾਂ ਬਣਾਈਆਂ ਗਈਆਂ ਹਨ ਜਿਹੜੀਆਂ ਕੁਲ 386890 ਘਰਾਂ ਵਿਚ ਫੇਰੀ ਪਾਉਣਗੀਆਂ। ਮੁਹਿੰਮ ਦੀ ਨਿਗਰਾਨੀ ਕਰਨ ਵਾਲੇ ਸੁਪਰਵਾਇਜ਼ਰਾਂ ਦੀ ਗਿਣਤੀ 128 ਹੈ ਜਦਕਿ ਵੈਕਸੀਨੇਟਰਾਂ ਦੀ ਗਿਣਤੀ 2480 ਹੈ। ਇਸ ਤੋਂ ਇਲਾਵਾ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਦੀ ਵੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੋਂ ਘੱਟ ਉਮਰ ਵਾਲੇ ਅਪਣੇ ਹਰ ਬੱਚੇ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਪਹਿਲਾਂ ਹੀ ਪੋਲੀਓ-ਮੁਕਤ ਐਲਾਨਿਆ ਹੋਇਆ ਹੈ ਪਰ ਪੋਲੀਓ-ਮੁਕਤੀ ਨੂੰ ਕਾਇਮ ਰੱਖਣ ਲਈ ਬੱਚਿਆਂ ਨੂੰ ਲਗਾਤਾਰ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ।
ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ’ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਨਿਧੀ, ਡੀ.ਐਚ.ਓ. ਡਾ. ਸੁਭਾਸ਼ ਕੁਮਾਰ, ਐਸ.ਐਮ.ਓ ਬੂਥਗੜ੍ਹ ਡਾ. ਕੁਲਦੀਪ ਸਿੰਘ, ਐਸ.ਐਮ.ਓ. ਮੋਹਾਲੀ ਡਾ. ਵਿਜੇ ਭਗਤ, ਐਸ.ਐਮ.ਓ. ਡੇਰਾਬੱਸੀ ਡਾ. ਸੰਗੀਤਾ ਜੈਨ, ਐਸ.ਐਮ.ਓ. ਘੜੂੰਆਂ ਡਾ. ਕੁਲਜੀਤ ਕੌਰ, ਐਸ.ਐਮ.ਓ. ਢਕੋਲੀ ਡਾ. ਪੋਮੀ ਚਤਰਥ ਆਦਿ ਨੇ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਜ਼ਰੂਰੀ ਹਦਾਇਤਾਂ ਦਿਤੀਆਂ।






















