ਕਰੋਨਾ ਵਾਇਰਸ ਸਬੰਧੀ ਅਫ਼ਵਾਹਾਂ ਫੈਲਾਉਣ ਵਾਲੇ ਲੋਕਾਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ
ਤਰਨ ਤਾਰਨ, 21 ਅਪ੍ਰੈਲ( ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਈ ਵੀ ਮਰੀਜ਼ ਕੋਵਿਡ-19 ਤੋਂ ਪੀੜ੍ਹਤ ਨਹੀਂ ਹੈ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ।ਉਹਨਾਂ ਕਿਹਾ ਕਿ ਕਰੋਨਾ ਵਾਇਰਸ ਸਬੰਧੀ ਸ਼ੋਸ਼ਲ ਮੀਡੀਆ ਜਾ ਕਿਸੇ ਵੀ ਮਾਧਿਅਮ ਰਾਹੀਂ ਅਫ਼ਵਾਹਾਂ ਫੈਲਾਉਣ ਵਾਲੇ ਲੋਕਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਦੇ ਕਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਸਬੰਧੀ ਅਫ਼ਵਾਹ ਫੈਲੀ ਸੀ, ਜੋ ਕਿ ਨਿਰਆਧਾਰ ਹੈ।ਉਹਨਾਂ ਕਿਹਾ ਉਸ ਵਿਅਕਤੀ ਸਬੰਧੀ ਸਿਵਲ ਸਰਜਨ ਲੁਧਿਆਣਾ ਨਾਲ ਗੱਲਬਾਤ ਦੌਰਾਨ ਸਾਹਮਣੇ ਆਇਆ ਕਿ ਉਸ ਮਰੀਜ਼ ਦਾ ਲੁਧਿਆਣਾ ਵਿਖੇ 13 ਅਪ੍ਰੈਲ ਨੂੰ ਸੈਂਪਲ ਲਿਆ ਗਿਆ ਸੀ ਅਤੇ 16 ਅਪ੍ਰੈਲ ਨੂੰ ਉਸ ਵਿਅਕਤੀ ਦੀ ਰਿਪੋਰਟ ਨੈਗੇਟਿਵ ਆਈ ਹੈ।
ਉਹਨਾਂ ਕਿਹਾ ਕਿ ਉਸ ਮਰੀਜ਼ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ ਵਿੱਚ ਇਕਾਂਤਵਾਸ ਕੀਤਾ ਜਾ ਚੁੱਕਾ ਹੈ ਅਤੇ ਉਸ ਵਿੱਚ ਕਿਸੇ ਤਰ੍ਹਾਂ ਦੇ ਲੱਛਣ ਨਜ਼ਰ ਆਉਣ ‘ਤੇ ਉਸ ਦਾ ਦੁਬਾਰਾ ਟੈਸਟ ਕੀਤਾ ਜਾਵੇਗਾ।
—————