ਪੀ.ਸੀ.ਏ. ਸਟੇਡੀਅਮ ਵਿਖੇ ਹੋਣ ਵਾਲੇ ਮੈਚਾਂ ਦੌਰਾਨ ਨਾਗਰਿਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਪ੍ਰੇਸ਼ਾਨੀ : ਕੁਲਦੀਪ ਸਿੰਘ ਚਾਹਲ
ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ
ਮੈਚਾਂ ਸਬੰਧੀ ਢੁੱਕਵੀਆਂ ਥਾਵਾਂ ‘ਤੇ ਡਿਊਟੀ ਮੈਜੀਸਟਰੇਟ ਵੀ ਨਿਭਾਉਣਗੇ ਡਿਊਟੀ
ਜ਼ਿਲ੍ਹਾ ਪੁਲੀਸ ਮੁਖੀ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸੇਸ਼ ਮੀਟਿੰਗ
ਐਸ .ਏ.ਐਸ. ਨਗਰ, 04 ਅਪ੍ਰੈਲ
ਪੀ.ਸੀ.ਏ. ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਆਈ.ਪੀ.ਐਲ. ਮੈਚਾਂ ਦੌਰਾਨ ਆਮ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਰੂਟ ਪਲਾਨ ਤਹਿਤ ਟਰੈਫਿਕ ਵਿਵਸਥਾ ਲਈ ਵੀ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨਾ ਆਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਪੀ.ਸੀ.ਏ. ਸਟੇਡੀਅਮ ਦੇ ਮੀਟਿੰਗ ਹਾਲ ਵਿਖੇ 8, 15 ਤੇ 19 ਅਪ੍ਰੈਲ ਨੂੰ ਹੋਣ ਵਾਲੇ ਕ੍ਰਿਕਟ ਮੈਚਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਆਈ.ਪੀ.ਐਲ. ਦੇ ਪ੍ਰਬੰਧਕਾਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਮੈਚਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਨਾਗਰਿਕਾਂ ਨੂੰ ਮੈਚਾਂ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਮੈਚਾਂ ਦੌਰਾਨ ਲੋੜੀਂਦੀਆਂ ਐਬੂਲੈਂਸਾਂ ਅਤੇ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕਰਨ। ਇਸ ਤੋਂ ਇਲਾਵਾ ਮੈਚਾਂ ਦੋਰਾਨ ਤੰਬਾਕੂ ਕੰਟਰੋਲ ਐਕਟ ਤਹਿਤ ਸਿਗਰਟਨੋਸ਼ੀ ਦੀ ਚੈਕਿੰਗ ਸਬੰਧੀ ਐਟੀਂ ਤੰਬਾਕੂ ਟੀਮਾਂ ਵੀ ਨਿਯੁਕਤ ਕਰਨ ਅਤੇ ਮੈਚਾਂ ਦੌਰਾਨ ਤੰਬਾਕੂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਮੈਚਾਂ ਦੋਰਾਨ ਪੀ.ਸੀ.ਏ. ਸਟੇਡੀਅਮ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ । ਉਨ੍ਹਾਂ ਦੱਸਿਆ ਕਿ ਮੈਚਾਂ ਦੌਰਾਨ ਢੁੱਕਵੀਆਂ ਥਾਵਾਂ ਲਈ ਡਿਊਟੀ ਮੈਜਿਸਟਰੇਟ ਵੀ ਤਾਇਨਾਤ ਕੀਤੇ ਜਾਣਗੇ। ਸ. ਮਾਨ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਪਾਰਕਿੰਗ ਦੇ ਢੁੱਕਵੇਂ ਪ੍ਰਬੰਧ ਕਰਨ ਤੇ ਉਨ੍ਹਾਂ ਦੀ ਦੇਖ-ਰੇਖ ਦੇ ਨਿਰਦੇਸ਼ ਦਿੱਤੇ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਟੇਡੀਅਮ ਦੇ ਆਲੇ ਦੁਆਲੇ ਸੜਕਾਂ ਦੀ ਸਫਾਈ ਅਤੇ ਸਟਰੀਟ ਲਾਇਟਾਂ ਨੂੰ ਚਾਲੂ ਰਖਣੀਆਂ ਯਕੀਨੀ ਬਣਾਉਣ ਲਈ ਵੀ ਆਖਿਆ। ਸ. ਮਾਨ ਨੇ ਕਿਹਾ ਕਿ ਮੈਚਾਂ ਦੌਰਾਨ ਫਾਇਰ ਬ੍ਰਿਗੇਡ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਸ੍ਰੀ ਕੁਪਦੀਪ ਚਾਹਲ ਅਤੇ ਸ. ਮਾਨ ਨੇ ਇਸ ਮੌਕੇ ਪ੍ਰਬੰਧਕਾਂ ਅਤੇ ਪੁਲੀਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਦਰਸ਼ਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਾ ਆਵੇ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਮੈਚਾਂ ਦੇ ਪ੍ਰਬੰਧਾਂ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ।
ਇਸ ਮੌਕੇ ਐਸ.ਪੀ. ਗੁਰਸੇਵਕ ਸਿੰਘ, ਐਸ.ਪੀ. ਜਗਜੀਤ ਸਿੰਘ ਜੱਲਾ, ਐਸ.ਡੀ.ਐਮ. ਡਾ.ਆਰ. ਪੀ. ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਜਸਵੀਰ ਸਿੰਘ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਰਮਜੀਤ ਸਿੰਘ, ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਕੈਪਸ਼ਨ: 1) ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਪੀ.ਸੀ.ਏ. ਸਟੇਡੀਅਮ ਦੇ ਮੀਟਿੰਗ ਹਾਲ ਵਿਖੇ ਆਈ.ਪੀ.ਐਲ. ਮੈਚਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਸੱਦੀ ਮੀਟਿੰਗ ਦੌਰਾਨ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ।