ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 5547 ਸੈਂਪਲ ਲਏ
– ਮਰੀਜ਼ਾਂ ਦੇ ਠੀਕ ਹੋਣ ਦੀ ਦਰ 88.93% ਹੋਈ
ਲੁਧਿਆਣਾ, 25 ਮਾਰਚ (ਰਾਜਕੁਮਾਰ ਸ਼ਰਮਾ) – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 5547 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 32081 ਮਰੀਜ਼ਾਂ ਵਿਚੋਂ 88.93% (28370 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਜਾਂ ਸ਼ੱਕੀ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਅੱਜ ਵੀ 5547 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 2452 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 28370 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 391 ਮਰੀਜ਼ (340 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 51 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 766008 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 765656 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 728485 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 352 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 32081 ਹੈ, ਜਦਕਿ 5090 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 11 ਮੌਤਾਂ ਦੀ ਪੁਸ਼ਟੀ ਹੋਈ ਹੈ (7 ਜ਼ਿਲ੍ਹਾ ਲੁਧਿਆਣਾ, 1 ਮੁਕਤਸਰ, 1 ਹੁਸ਼ਿਆਰਪੁਰ ਅਤੇ 2 ਜਲੰਧਰ ਨਾਲ ਸਬੰਧਤ ਹਨ)। ਹੁਣ ਤੱਕ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1098 ਅਤੇ 567 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 64037 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 4392 ਵਿਅਕਤੀ ਇਕਾਂਤਵਾਸ ਹਨ। ਅੱਜ 575 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।