
-ਅੱਜ ਤੱਕ 2 ਲੱਖ 73 ਹਜ਼ਾਰ 656 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ-ਡਿਪਟੀ ਕਮਿਸ਼ਨਰ
ਪਟਿਆਲਾ, 22 ਅਪ੍ਰੈਲ( ਵਿਸ਼ਵ ਵਾਰਤਾ)- ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਣਕ ਦੀ ਕੁਲ ਆਮਦ 2 ਲੱਖ 86 ਹਜ਼ਾਰ 561 ਮੀਟਰਿਕ ਟਨ ਤੱਕ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ ਅੱਜ ਤੱਕ 2 ਲੱਖ 73 ਹਜ਼ਾਰ 656 ਮੀਟਰਿਕ ਟਨ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ। ਜਦੋਂਕਿ 82 ਹਜ਼ਾਰ 626 ਮੀਟਰਿਕ ਟਨ ਕਣਕ ਦੀ ਚੁਕਾਈ ਵੀ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਦੇ ਮੱਦੇਨਜ਼ਰ ਮੰਡੀਆਂ ਵਿੱਚ ਪਾਸਾਂ ਜਰੀਏ ਕਣਕ ਲੈ ਕੇ ਆਉਣ ਸ਼ੁਰੂ ਕੀਤੀ ਪ੍ਰਕ੍ਰਿਆ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਜਿਣਸ ਸੁਕਾਅ ਕੇ ਹੀ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਵਾਧੂ ਸਮਾਂ ਨਾ ਬੈਠਣਾ ਪਵੇ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਅੱਜ ਮੰਡੀਆਂ ‘ਚ 65 ਹਜ਼ਾਰ 600 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 63 ਹਜ਼ਾਰ 746 ਮੀਟਰਿਕ ਟਨ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਸਰਕਾਰੀ ਏਜੰਸੀਆਂ ਪਨਗਰੇਨ ਨੇ 18118 ਮੀਟਰਿਕ ਟਨ, ਮਾਰਕਫੈਡ ਨੇ 14295 ਮੀਟਰਿਕ ਟਨ, ਪਨਸਪ ਨੇ 14885 ਮੀਟਰਿਕ ਟਨ, ਵੇਅਰ ਹਾਊਸ ਨੇ 10475 ਮੀਟਰਿਕ ਟਨ ਅਤੇ ਐਫ.ਸੀ.ਆਈ ਨੇ 5973 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ।





















