ਮੋਹਾਲੀ, 20 ਅਪ੍ਰੈਲ (ਸਤੀਸ਼ ਕੁਮਾਰ ਪੱਪੀ)- : ਸਰਵਵਿਆਪਕ ਟੀਕਾਕਾਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋਣ ‘ਤੇ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ 30 ਅਪ੍ਰੈਲ ਤਕ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਵਿਸ਼ਵ ਟੀਕਾਕਰਨ ਹਫ਼ਤੇ ਤਹਿਤ ਲੱਗਣ ਵਾਲੇ ਵਿਸ਼ੇਸ਼ ਟੀਕਾਕਰਨ ਕੈਂਪਾਂ ਵਿਚ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਕਵਰ ਕੀਤਾ ਜਾਵੇਗਾl ਇਹ ਕੈਂਪ ਵਿਸ਼ੇਸ਼ ਤੌਰ ਤੇ ਪ੍ਰਵਾਸੀ ਆਬਾਦੀ ਵਾਲੇ ਖੇਤਰਾਂ, ਝੁੱਗੀਆਂ, ਬਸਤੀਆਂ ਆਦਿ ਵਿਚ ਰਹਿਣ ਵਾਲੀਆਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਕਵਰ ਕਰਨ ਕਰਨਗੇ l ਸਿਹਤ ਅਧਿਕਾਰੀਆਂ ਨੇ ਕਿਹਾ ਕਿ ਟੀਕਾਕਰਨ ਦੀ ਬਦੌਲਤ ਪੋਲਿਓ ਸਮੇਤ ਹੋਰ ਕਈ ਬੀਮਾਰੀਆਂ ਤੋਂ ਮੁਕਤੀ ਮਿਲੀ ਹੈ, ਇਸ ਲਈ ਟੀਕਾਕਰਨ ਸਰੀਰਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ l ਉਨ੍ਹਾਂ ਕਿਹਾ ਕਿ ਟੀਕਾਕਰਨ ਦੀ ਸਫ਼ਲਤਾ ਲਈ ਵਿਸ਼ੇਸ਼ ਸੈਸ਼ਨ ਲਗਾਏ ਜਾਣਗੇ l ਜ਼ਿਲ੍ਹੇ ਦੇ ਤਮਾਮ ਸੀਨੀਅਰ ਮੈਡੀਕਲ ਅਫਸਰਾਂ ਨੂੰ ਪਹਿਲਾਂ ਹੀ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ, ਜਿਹੜੇ ਆਪੋ ਅਪਣੇ ਖੇਤਰ ਵਿਚ ਸਾਰੇ ਲੋੜੀਂਦੇ ਪ੍ਰਬੰਧ ਕਰਨਗੇ l ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਕਾਰਨ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ l