12 ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਪਹੁੰਚਿਆ ਗੁਜਰਾਤ
ਯੂਪੀ-ਬਿਹਾਰ ‘ਚ ਭਿਆਨਕ ਗਰਮੀ ਦੀ ਚੇਤਾਵਨੀ
ਨਵੀਂ ਦਿੱਲੀ ,12 ਜੂਨ (ਵਿਸ਼ਵ ਵਾਰਤਾ)ਦੇਸ਼ ‘ਚ ਗਰਮੀ ਦੇ ਮੌਸਮ ਦੇ ਨਾਲ-ਨਾਲ ਕਈ ਸੂਬਿਆਂ ‘ਚ ਬਾਰਿਸ਼ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ 12 ਰਾਜਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਰਾਜਾਂ ਵਿੱਚ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕੇਰਲ, ਕਰਨਾਟਕ ਅਤੇ ਤੇਲੰਗਾਨਾ ਸ਼ਾਮਲ ਹਨ।
ਮਾਨਸੂਨ ਕਾਰਨ ਗੋਆ ਅਤੇ ਮਹਾਰਾਸ਼ਟਰ ‘ਚ ਵੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਮਾਨਸੂਨ ਵੀ ਅਨੁਮਾਨਿਤ ਸਮੇਂ ਤੋਂ 4 ਦਿਨ ਪਹਿਲਾਂ ਗੁਜਰਾਤ ਪਹੁੰਚ ਗਿਆ ਹੈ। ਅੱਜ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਤੇਜ਼ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਲਈ ਗੰਭੀਰ ਲੂ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਉੜੀਸਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੀ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।