ਸਮੁੱਚੇ ਸਕੂਲ ਖੁਲਵਾਉਣ ਲਈ ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ‘ਚੱਕਾ ਜਾਮ’ ਵਿੱਚ ਸ਼ਮੂਲੀਅਤ
ਪ੍ਰਾਇਮਰੀ ਜਮਾਤਾਂ ਦੇ ਸਕੂਲ ਹਾਲੇ ਵੀ ਬੰਦ ਰੱਖਣਾ ਨਿਖੇਧੀਯੋਗ: ਡੀ.ਟੀ.ਐੱਫ.
ਚੰਡੀਗੜ੍ਹ, 8 ਫਰਵਰੀ (ਵਿਸ਼ਵ ਵਾਰਤਾ ) : ਪੰਜਾਬ ਸਰਕਾਰ ਵੱਲੋਂ ਪ੍ਰੀ ਪ੍ਰਾਇਮਰੀ ਤੇ ਪ੍ਰਾਇਮਰੀ ਜਮਾਤਾਂ ਲਈ ਵੀ ਸਕੂਲ ਖੋਲਣ ਦੀ ਮੰਗ ਨੂੰ ਲੈ ਕੇ ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਦੇ ਸੱਦੇ ‘ਤੇ ਵੱਡੀ ਗਿਣਤੀ ਅਧਿਆਪਕਾਂ ਵੱਲੋਂ ਵੀ ਪੰਜਾਬ ਵਿੱਚ ਵੱਖ-ਵੱਖ ਥਾਈਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਦੋ ਘੰਟੇ ਦੇ ਚੱਕਾ ਜਾਮ ਪ੍ਰਦਰਸ਼ਨਾਂ ਵਿਚ ਭਰਵੀਂ ਸ਼ਮੂਲੀਅਤ ਕੀਤੀ ਗਈ ਅਤੇ ਲੰਬਾ ਸਮਾਂ ਸਮੁੱਚੀਆਂ ਵਿੱਦਿਅਕ ਸੰਸਥਾਵਾਂ ਬੰਦ ਰੱਖਣ ਖ਼ਿਲਾਫ਼ ਵਿਰੋਧ ਦਰਜ ਕਰਵਾਇਆ ਗਿਆ।
ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹਦਾਇਤਾਂ ਅਨੁਸਾਰ ਛੇਵੀਂ ਤੋਂ ਬਾਰ੍ਹਵੀਂ ਜਮਾਤਾਂ ਲਈ ਸਕੂਲ ਅਤੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਸਮੁੱਚੇ ਵਿਦਿਆਰਥੀਆਂ ਲਈ ਖੋਲ੍ਹਣਾ ਜਨਤਕ ਸੰਘਰਸ਼ਾਂ ਦੇ ਦਬਾਅ ਸਦਕਾ ਹੋਇਆ ਫ਼ੈਸਲਾ ਹੈ, ਪ੍ਰੰਤੂ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਸਕੂਲ ਹਾਲੇ ਵੀ ਬੰਦ ਰੱਖਣਾ ਨਿਖੇਧੀਯੋਗ ਹੈ। ਜਿਕਰਯੋਗ ਹੈ ਕਿ, ਸਮੁੱਚੀਆਂ ਵਿੱਦਿਅਕ ਸੰਸਥਾਵਾਂ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਜਿੱਥੇ ਵੱਖ ਵੱਖ ਜਨਤਕ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ, ਉਥੇ ਬੀਤੇ ਦਿਨੀਂ ਹਜ਼ਾਰਾਂ ਸਰਕਾਰੀ ਅਧਿਆਪਕਾਂ ਵੱਲੋਂ ਵੀ ਸਕੂਲ ਪੱਧਰੀ ਰੋਸ ਪ੍ਰਦਰਸ਼ਨਾਂ ਰਾਹੀਂ ਵਿਰੋਧ ਦਰਜ ਕਰਵਾਇਆ ਗਿਆ ਸੀ।
ਡੀ.ਟੀ.ਐੱਫ. ਦੇ ਸੂਬਾਈ ਆਗੂਆਂ ਗੁਰਮੀਤ ਸੁਖਪੁਰ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਗਪਾਲ ਬੰਗੀ, ਰਘਵੀਰ ਸਿੰਘ ਭਵਾਨੀਗਡ਼੍ਹ, ਜਸਵਿੰਦਰ ਔਜਲਾ ਅਤੇ ਦਲਜੀਤ ਸਫੀਪੁਰ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ‘ਚੋਂ ਲੰਬਾ ਸਮਾਂ ਵਿਦਿਆਰਥੀਆਂ ਲਈ ਸਕੂਲ-ਕਾਲਜ ਬੰਦ ਰਹਿਣ ਕਾਰਨ ਪੇਂਡੂ ਖੇਤਰਾਂ ਅਤੇ ਸਾਧਨਹੀਣ ਪਰਿਵਾਰਾਂ ਦੇ ਬੱਚਿਆਂ ਦੀ ਪੜਾਈ ਉੱਪਰ ਬਹੁਤ ਮਾੜਾ ਅਸਰ ਪਿਆ ਹੈ। ਲੱਖਾਂ ਬੱਚੇ ਸਕੂਲੀ ਸਿੱਖਿਆ ‘ਚੋਂ ਬਾਹਰ ਹੋ ਗਏ ਹਨ, ਜਿਨਾਂ ’ਚੋਂ ਜਿਆਦਾ ਗਿਣਤੀ ਲੜਕੀਆਂ ਦੀ ਹੈ। ਕੋਰੋਨਾ ਦੀ ਆਡ਼ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੀ ਨਵੀਂ ਸਿੱਖਿਆ ਨੀਤੀ-2020 ਤਹਿਤ ਨਿੱਜੀਕਰਨ ਪੱਖੀ ਤੇ ਵਿਤਕਰੇ ਭਰਪੂਰ ਆਨਲਾਈਨ ਸਿੱਖਿਆ ਪ੍ਰਬੰਧ ਦੀਆਂ ਜੜਾਂ ਫੈਲਾਈਆਂ ਜਾ ਰਹੀਆਂ ਹਨ। ਆਗੂਆਂ ਨੇ ਪ੍ਰੀ ਪ੍ਰਾਇਮਰੀ ਅਤੇ ਪ੍ਰਾਇਮਰੀ ਸਕੂਲ ਜਲਦ ਨਾ ਖੁੱਲ੍ਹਣ ਦੀ ਸੂਰਤ ਵਿਚ ਸਾਂਝਾ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਵੀ ਕੀਤਾ।























