20000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਤੇ ਉਸਦੇ ਸਾਥੀ ਨੂੰ Vigilance Bureau ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ):- Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਮੰਗਲਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਰਾਜਪੁਰਾ ਦੇ ਮਾਲ ਹਲਕਾ ਸ਼ਾਮਦੋ ਵਿਖੇ ਤਾਇਨਾਤ ਪਟਵਾਰੀ ਅਸ਼ੋਕ ਕੁਮਾਰ ਅਤੇ ਉਸਦੇ ਕਾਰਿੰਦੇ ਗੁਰਜੀਤ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਕੇਸ ਪਟਿਆਲਾ ਜ਼ਿਲ੍ਹੇ ਦੇ ਪਿੰਡ ਸ਼ੇਖਪੁਰਾ ਰਾਜਪੂਤਾਂ ਦੇ ਵਸਨੀਕ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਅਤੇ ਉਸਦੇ ਸਾਥੀ (ਏਜੰਟ) ਨੇ ਸ਼ਿਕਾਇਤਕਰਤਾ ਦੀ ਜ਼ਮੀਨ ਨਾਲ ਸਬੰਧਤ ‘ਜਮਾਬੰਦੀ’ ਰਿਕਾਰਡ ਵਿੱਚ ਸੋਧ ਕਰਨ ਲਈ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਵਿੱਚ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਪਟਵਾਰੀ ਅਤੇ ਉਸਦੇ ਕਾਰਿੰਦੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।