22 ਤੋਂ 27 ਅਪ੍ਰੈਲ ਤੱਕ ਲੱਗਣ ਵਾਲੇ ਰੋਜ਼ਗਾਰ ਮੇਲੇ ਕੋਵਿਡ ਕਾਰਨ ਮੁਲਤਵੀ

ਪਟਿਆਲਾ, 20 ਅਪ੍ਰੈਲ:ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ 22, 23 ਅਤੇ 27 ਅਪ੍ਰੈਲ ਨੂੰ ਲਗਾਏ ਜਾਣ ਵਾਲੇ ਰੋਜ਼ਗਾਰ ਮੇਲੇ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਸਨਮੁੱਖ ਮੁਲਤਵੀ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਪ੍ਰੈਲ ਮਹੀਨੇ ‘ਚ ਬਲਾਕ ਪੱਧਰ ‘ਤੇ 5 ਰੋਜ਼ਗਾਰ ਮੇਲੇ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ‘ਚ ਵੱਡੀ ਗਿਣਤੀ ਨੌਜਵਾਨਾਂ ਨੇ ਰੋਜ਼ਗਾਰ ਹਾਸਲ ਕੀਤਾ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਕੋਵਿਡ-19 ਦੇ ਵਧਦੇ ਮਾਮਲਿਆਂ ਕਾਰਨ 22 ਅਪ੍ਰੈਲ ਨੂੰ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, 23 ਅਪ੍ਰੈਲ ਨੂੰ ਸਰਕਾਰੀ ਆਈ.ਟੀ.ਆਈ. (ਲੜਕੇ) ਨਾਭਾ ਰੋਡ, ਪਟਿਆਲਾ ਅਤੇ 27 ਅਪ੍ਰੈਲ ਨੂੰ ਸਰਕਾਰੀ ਕੰਨਿਆ ਕਾਲਜ ਪਟਿਆਲਾ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਨੂੰ ਮੁਲਤਵੀ ਕੀਤਾ ਗਿਆ ਹੈ ਅਤੇ ਨਵੀਆਂ ਤਰੀਕਾਂ ਨਿਰਧਾਰਤ ਕਰਕੇ ਨੌਜਵਾਨਾਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲਿਆਂ ਸਬੰਧੀ ਹੋਰ ਜਾਣਕਾਰੀ ਲਈ ਪ੍ਰਾਰਥੀ ਕਿਸੇ ਵੀ ਸਰਕਾਰੀ ਦਫ਼ਤਰੀ ਕੰਮ-ਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋਂ 5:00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਆ ਸਕਦੇ ਹਨ ਜਾਂ ਰੋਜ਼ਗਾਰ ਬਿਊਰੋ ਦੇ ਹੈਲਪਲਾਈਨ ਨੰ: 98776-10877 ‘ਤੇ ਵੀ ਸੰਪਰਕ ਕਰ ਸਕਦੇ ਹਨ।






















