ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਲਈ ਵੋਟਿੰਗ ਸ਼ੁਰੂ
‘ਆਪ’ ਅਤੇ ‘ਭਾਜਪਾ’ ਕੌਂਸਲਰ ਪਹੁੰਚੇ, ਅਕਾਲੀ ਦਲ ਤੇ ਕਾਂਗਰਸੀ ਗੈਰ-ਹਾਜ਼ਰ
ਚੰਡੀਗੜ੍ਹ 17 ਜਨਵਰੀ(ਵਿਸ਼ਵ ਵਾਰਤਾ)- ਸਿਟੀ ਬਿਊਟੀਫੁੱਲ ਚੰਡੀਗੜ੍ਹ ਨੂੰ ਥੋੜ੍ਹੀ ਦੇਰ ਵਿੱਚ ਹੀ ਆਪਣਾ ਨਵਾਂ ਮੇਅਰ ਮਿਲ ਜਾਵੇਗਾ। ਮੇਅਰ ਦੇ ਅਹੁਦੇ ਲਈ ਚੋਣ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ। ‘ਆਪ’ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ ਦੇ 14-14 ਕੌਂਸਲਰ ਨਗਰ ਨਿਗਮ ਦਫ਼ਤਰ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਵੀ ਪਹੁੰਚ ਗਏ ਹਨ। ਕਾਂਗਰਸੀ ਅਤੇ ਅਕਾਲੀ ਕੌਂਸਲਰਾਂ ਨੇ ਚੋਣ ਤੋਂ ਦੂਰੀ ਬਣਾਈ ਹੋਈ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ ਅਤੇ ਨਗਰ ਨਿਗਮ ਭਵਨ, ਸੈਕਟਰ-17, ਚੰਡੀਗੜ੍ਹ ਅਤੇ ਇਸ ਦੇ 50 ਮੀਟਰ ਦੇ ਘੇਰੇ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਭਾਜਪਾ ਦੇ ਖਾਤੇ ਵਿੱਚ ਪਹਿਲਾਂ ਹੀ ਸੰਸਦ ਮੈਂਬਰਾਂ ਦੀਆਂ ਵੋਟਾਂ ਸਮੇਤ 15 ਵੋਟਾਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਕੋਲ ਸਿਰਫ਼ 14 ਕੌਂਸਲਰਾਂ ਦਾ ਸਮਰਥਨ ਹੈ ਜੋ ਜਿੱਤੇ ਹਨ। ਅਜਿਹੇ ‘ਚ ਭਾਜਪਾ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ।ਭਾਜਪਾ ਨੇ ਮੇਅਰ ਦੇ ਅਹੁਦੇ ਲਈ ਅਨੂਪ ਗੁਪਤਾ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਆਮ ਆਦਮੀ ਪਾਰਟੀ ਨੇ ਜਸਬੀਰ ਸਿੰਘ ਲਾਡੀ ਨੂੰ ਮੇਅਰ ਲਈ ਉਮੀਦਵਾਰ ਬਣਾਇਆ ਹੈ।