ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਮਾਮਲਾ
ਕੇਂਦਰੀ ਖੇਡ ਮੰਤਰੀ ਦੀ ਪਹਿਲਵਾਨਾਂ ਨਾਲ ਚੱਲੀ 7 ਘੰਟੇ ਮੀਟਿੰਗ
ਪਹਿਲਵਾਨਾਂ ਨੇ ਹੜਤਾਲ ਖਤਮ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ, 21ਜਨਵਰੀ(ਵਿਸ਼ਵ ਵਾਰਤਾ)- ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਹੋਵੇਗੀ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਸ਼ੁੱਕਰਵਾਰ ਦੇਰ ਰਾਤ ਤੱਕ ਪਹਿਲਵਾਨਾਂ ਨਾਲ ਮੀਟਿੰਗ ਕੀਤੀ। ਕਰੀਬ 7 ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਪਹਿਲਵਾਨਾਂ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਜੰਤਰ-ਮੰਤਰ ‘ਤੇ 18 ਜਨਵਰੀ ਤੋਂ ਪਹਿਲਵਾਨ ਪ੍ਰਦਰਸ਼ਨ ਕਰ ਰਹੇ ਹਨ।
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਖਿਡਾਰੀਆਂ ਨੇ ਕੁਸ਼ਤੀ ਸੰਘ ‘ਤੇ ਗੰਭੀਰ ਦੋਸ਼ ਲਗਾਏ ਹਨ। ਇੱਕ ਓਵਰਸਾਈਟ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜੋ 4 ਹਫ਼ਤਿਆਂ ਵਿੱਚ ਜਾਂਚ ਪੂਰੀ ਕਰੇਗੀ। ਜਾਂਚ ਪੂਰੀ ਹੋਣ ਤੱਕ, ਇੱਕ ਕਮੇਟੀ WFI ਦਾ ਕੰਮ ਸੰਭਾਲੇਗੀ। ਉਦੋਂ ਤੱਕ ਬ੍ਰਿਜ ਭੂਸ਼ਣ ਸਿੰਘ ਆਪਣੇ ਆਪ ਨੂੰ ਫੈਡਰੇਸ਼ਨ ਦੇ ਕੰਮ ਤੋਂ ਦੂਰ ਰੱਖਣਗੇ ਅਤੇ ਜਾਂਚ ਵਿੱਚ ਸਹਿਯੋਗ ਕਰਨਗੇ। ਇਸ ਦੇ ਨਾਲ ਹੀ ਪਹਿਲਵਾਨ ਬਜਰੰਗ ਪੂਨੀਆ ਨੇ ਦੱਸਿਆ ਕਿ ਖੇਡ ਮੰਤਰੀ ਨੇ ਸਾਡੀਆਂ ਮੰਗਾਂ ਸੁਣੀਆਂ ਅਤੇ ਬਣਦੀ ਜਾਂਚ ਦਾ ਭਰੋਸਾ ਦਿੱਤਾ। ਸਾਨੂੰ ਉਮੀਦ ਹੈ ਕਿ ਨਿਰਪੱਖ ਜਾਂਚ ਹੋਵੇਗੀ, ਇਸ ਲਈ ਅਸੀਂ ਵਿਰੋਧ ਵਾਪਸ ਲੈ ਰਹੇ ਹਾਂ। ਇਸ ਦੇ ਨਾਲ ਹੀ ਭਾਰਤੀ ਓਲੰਪਿਕ ਸੰਘ (IOA) ਨੇ ਬ੍ਰਿਜ ਭੂਸ਼ਣ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 7 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਇਸ ਵਿੱਚ ਮੁੱਕੇਬਾਜ਼ ਮੈਰੀਕਾਮ ਅਤੇ ਪਹਿਲਵਾਨ ਯੋਗੇਸ਼ਵਰ ਦੱਤ ਸ਼ਾਮਲ ਹਨ।























