ਭਾਰਤੀ ਕਿਸਾਨ ਯੂਨੀਅਨ ਮਾਨਸਾ ਵੱਡੀ ਗਿਣਤੀ ਵਿੱਚ ਕਰੇਗੀ ਸ਼ਮੂਲੀਅਤ: ਬੋਘ ਮਾਨਸਾ

ਬਠਿੰਡਾ 7 ਨਵੰਬਰ ( ਕੁਲਬੀਰ ਬੀਰਾ ): ਕੇਂਦਰ ਸਰਕਾਰ ਦੇ ਬਣਾਏ ਖੇਤੀ ਕਾਨੂੰਨਾਂ ਵਿਰੁੱਧ ਜਿੱਥੇ ਕਿਸਾਨ ਲਾਮਬੰਦ ਹੋ ਕੇ ਸੰਘਰਸ਼ ਕਰ ਰਹੇ ਹਨ ਉਥੇ ਹੀ ਹੁਣ ਕਿਸਾਨ ਜਥੇਬੰਦੀਆਂ ਨੇ ਐਲਾਨ ਕਰ ਦਿੱਤਾ ਹੈ 26 ਤੇ 27 ਨਵੰਬਰ ਨੌਂ ਟਰੈਕਟਰ ਟਰਾਲੀਆਂ ਲੈ ਕੇ ਸੂਬੇ ਭਰ ਦੇ ਕਿਸਾਨ ਦਿੱਲੀ ਵੱਲ ਕੂਚ ਕਰਨਗੇ ਇਸੇ ਤਹਿਤ ਹੀ ਅੱਜ ਬਠਿੰਡਾ ਦੇ ਚਿਲਡਰਨ ਪਾਰਕ ਵਿਚ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਇਕੱਤਰਤਾ ਹੋਈ ਜਿਸ ਵਿਚ ਦਿੱਲੀ ਕੂਚ ਸਬੰਧੀ ਵਿਚਾਰ ਵਟਾਂਦਰਾ ਤੇ ਰੂਪ ਰੇਖਾ ਉਲੀਕੀ ਗਈ। ਜਥੇਬੰਦੀ ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ ਅਤੇ ਇਹ ਖੇਤੀ ਕਾਨੂੰਨ ਲਾ ਕੇ ਦੇਸ਼ ਭਰ ਵਿੱਚ ਖੇਤੀ ਨੂੰ ਖਤਮ ਕਰ ਰਹੀ ਹੈ ਜਿਸ ਦੇ ਖ਼ਿਲਾਫ਼ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਇਕਜੁੱਟ ਹਨ ਅਤੇ 26 ਅਤੇ 27 ਨਵੰਬਰ ਨੂੰ ਦਿੱਲੀ ਕੂਚ ਕਰਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਝੁਕਣ ਲਈ ਮਜਬੂਰ ਕਰਨਗੀਆਂ। ਕਿਸਾਨ ਆਗੂ ਸੁਖਦਰਸ਼ਨ ਸਿੰਘ ਖੇਮੂਆਣਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹੈ ਅਤੇ ਇਹ ਕਾਨੂੰਨ ਰੱਦ ਕਰਵਾ ਕੇ ਹੀ ਦਮ ਲਵਾਂਗਾ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਮਾਨਸਾ ਇਸ ਦਿੱਲੀ ਕੂਚ ਵਿਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ ਅਤੇ ਇਸ ਸਬੰਧੀ ਅੱਜ ਵਿਚਾਰ ਵਟਾਂਦਰਾ ਕਰਕੇ ਪਿੰਡ ਪੱਧਰ ਤੇ ਇਕਾਈਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।





















