ਮੌਸਮ ਵਿਭਾਗ ਵੱਲੋਂ ਪੰਜਾਬ ਤੇ ਹਰਿਆਣਾ ‘ਚ ਧੁੰਦ ਦਾ ਅਲਰਟ ਜਾਰੀ
ਚੰਡੀਗੜ੍ਹ,5ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ‘ਚ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਧੁੰਦ ਛਾਈ ਹੋਈ ਹੈ। ਅਸਮਾਨ ਵਿੱਚ ਬੱਦਲ ਵੀ ਹਨ। ਹਿਮਾਚਲ ‘ਚ ਬਰਫਬਾਰੀ ਅਤੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ ਹੈ ਕਿ ਤੇਜ਼ ਹਵਾਵਾਂ ਵਿੱਚ ਬਾਹਰ ਨਾ ਜਾਓ। ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਯੈਲੋ ਧੁੰਦ ਅਲਰਟ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਸ਼ਾਮਲ ਹਨ। ਇਨ੍ਹਾਂ ਖੇਤਰਾਂ ਵਿੱਚ ਵੀ ਸਵੇਰੇ ਧੁੰਦ ਅਤੇ ਬਾਅਦ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਇਸ ਤੋਂ ਇਲਾਵਾ ਗੁਆਂਢੀ ਸੂਬੇ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਵੀ ਧੁੰਦ ਦਾ ਯੈਲੋ ਅਲਰਟ ਹੈ। ਇਨ੍ਹਾਂ ਵਿੱਚ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ। ਨਾਲ ਹੀ 22 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।