ਕਿਸਾਨ ਅੰਦੋਲਨ 2.0- ਸ਼ੰਭੂ ਬਾਰਡਰ ਤੇ ਹਾਲਾਤ ਤਣਾਅਪੂਰਨ
ਪੁਲਿਸ ਨੇ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਛੱਡਣੇ ਕੀਤੇ ਸ਼ੁਰੂ
ਕੇਂਦਰ ਵੱਲੋਂ ਕਿਸਾਨ ਆਗੂਆਂ ਨੂੰ ਪੰਜਵੇਂ ਦੌਰ ਦੀ ਗੱਲਬਾਤ ਦਾ ਸੱਦਾ
ਚੰਡੀਗੜ੍ਹ,21ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਕਿਸਾਨਾਂ ਦਾ ਮਾਰਚ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਵਧਣ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਜ਼ਿਕਰਯੋਗ ਹੈ ਕਿ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਸਰਹੱਦ ਤੇ ਮੌਜੂਦ ਹਨ। ਦੂਜੇ ਪਾਸੇ ਕਿਸਾਨ ਵੀ ਖਨੌਰੀ ਸਰਹੱਦ ਤੋਂ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇੱਥੇ ਵੀ 800 ਟਰੈਕਟਰਾਂ ਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਹਨ। ਰਵਾਨਾ ਹੋਣ ਤੋਂ ਪਹਿਲਾਂ ਸ਼ੰਭੂ ਸਰਹੱਦ ‘ਤੇ ਅਰਦਾਸ ਕੀਤੀ ਗਈ।
ਦੂਜੇ ਪਾਸੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਸੁਰੱਖਿਆ ਬਲ ਅਲਰਟ ‘ਤੇ ਹਨ। ਇੱਥੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਹਨ। ਇਸ ਦੌਰਾਨ ਹਰਿਆਣਾ ਪੁਲਿਸ ਨੇ ਸ਼ੰਭੂ ਸਰਹੱਦ ‘ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਛੱਡੇ ਇਸ ਤੋਂ ਬਚਣ ਲਈ ਕਿਸਾਨਾਂ ਨੇ ਵਿਸ਼ੇਸ਼ ਮਾਸਕ ਅਤੇ ਈਅਰ ਬਡਜ਼ ਪਹਿਨੇ ਹੋਏ ਹਨ। ਅੱਜ ਅੰਦੋਲਨ ਦਾ 9ਵਾਂ ਦਿਨ ਹੈ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ, ਕਿ ਕੇਂਦਰ ਵੱਲੋਂ ਕਿਸਾਨ ਆਗੂਆਂ ਨੂੰ ਇੱਕ ਵਾਰ ਫਿਰ ਤੋਂ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਮੀਟਿੰਗ ਅੱਜ ਸ਼ਾਮ ਤੱਕ ਹੋਣ ਦੀ ਸੰਭਾਵਨਾ ਹੈ।