ਜਨਤਕ ਸੰਘਰਸ਼ ਦੇ ਜਮਹੂਰੀ ਹੱਕ ਦੀ ਰਾਖੀ ਲਈ 4 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੇ ਵਿਸ਼ਾਲ ਰੋਸ ਮਾਰਚ
ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਮਰਦਾਂ ਅਤੇ ਔਰਤਾਂ ਨੇ ਕੀਤੀ ਸ਼ਮੂਲੀਅਤ
ਮਾਨਸਾ, 5 ਮਾਰਚ ( ਵਿਸ਼ਵ ਵਾਰਤਾ) ਭਾਕਿਯੂ (ਏਕਤਾ-ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੀ ਹਮਾਇਤ ਨਾਲ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ, ਰਹਿੰਦੀਆਂ ਮੰਗਾਂ ਮੰਨਵਾਉਣ ਲਈ ਅਤੇ ਇਹਨਾਂ ਮੰਗਾਂ ਲਈ ਦਿੱਲੀ ਜਾਣ ਵਾਲੀਆਂ ਜਥੇਬੰਦੀਆਂ ਦਾ ਜਨਤਕ ਸੰਘਰਸ਼ ਦਾ ਸੰਵਿਧਾਨਕ ਜਮਹੂਰੀ ਹੱਕ ਖੋਹਣ ਖਿਲਾਫ, ਅੱਜ ਪੰਜਾਬ ਭਰ ਦੇ ਜ਼ਿਲ੍ਹਾ/ਸਬ ਡਵੀਜ਼ਨ ਕੇਂਦਰਾਂ ‘ਤੇ ਭਾਜਪਾ ਸਰਕਾਰ ਵਿਰੁੱਧ ਵਿਸ਼ਾਲ ਧਰਨੇ ਦੇਣ ਉਪਰੰਤ ਸ਼ਹਿਰੀ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤੇ ਗਏ।
ਇਸ ਸਬੰਧੀ ਅੱਜ ਇੱਥੇ ਪ੍ਰੈਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀਆਂ ਦੇ ਪ੍ਰਧਾਨ ਕ੍ਰਮਵਾਰ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ: ਦਰਸ਼ਨਪਾਲ ਅਤੇ ਨਿਰਭੈ ਸਿੰਘ ਢੁੱਡੀਕੇ ਨੇ ਦੱਸਿਆ ਕਿ ਇਹਨਾਂ ਰੋਸ ਪ੍ਰਦਰਸ਼ਨਾਂ ਦੀਆਂ ਮੁੱਖ ਮੰਗਾਂ ਵਿਚ ਦਸੰਬਰ ’21 ਦੇ ਲਿਖਤੀ ਸਰਕਾਰੀ ਵਾਅਦੇ ਵਾਲੀਆਂ ਮੰਗਾਂ ਜਿਵੇਂ ਸਭ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਲਟਕਦੀਆਂ ਮੰਗਾਂ ਤੋਂ ਇਲਾਵਾ ਭਾਰਤ ਨੂੰ ਡਬਲਯੂ ਟੀ ਓ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦੇ ਕਤਲ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਦਿੱਲੀ ਘੋਲ਼ ਦੇ ਅਤੇ ਮੌਜੂਦਾ ਪੰਜਾਬ/ਹਰਿਆਣਾ ਬਾਡਰਾਂ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਸੰਵਿਧਾਨਕ ਜਮਹੂਰੀ ਹੱਕ ਬਹਾਲ ਕਰਨ ਵਰਗੀਆਂ ਭਖਦੀਆਂ ਮੰਗਾਂ ਸ਼ਾਮਲ ਹਨ।
ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਕਿਸਾਨ ਮਜ਼ਦੂਰ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਅੱਜ ਦੇ ਰੋਸ ਪ੍ਰਦਰਸ਼ਨ ਇਸ ਮਹਾਂ ਪੰਚਾਇਤ ਦੀ ਤਿਆਰੀ ਲਈ ਮਾਹੌਲ ਸਿਰਜਣਗੇ। ਇਤਿਹਾਸਕ ਦਿੱਲੀ ਕਿਸਾਨ ਘੋਲ਼ ਵਾਂਗ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਘੱਟੋ ਘੱਟ ਪ੍ਰੋਗਰਾਮ ‘ਤੇ ਇੱਕਜੁਟਤਾ ਅਤੇ ਵਿਸ਼ਾਲ ਲਾਮਬੰਦੀ ਹੀ ਕਿਸਾਨਾਂ ਦੇ ਹਿੱਤਾਂ ਦੀ ਗਰੰਟੀ ਕਰ ਸਕਦੀ ਹੈ।
ਅੱਜ ਦੇ ਧਰਨਿਆਂ ਨੂੰ ਬਿਆਨ ਜਾਰੀ ਕਰਤਾਵਾਂ ਤੋਂ ਇਲਾਵਾ ਸੁਖਦੇਵ ਸਿੰਘ ਕੋਕਰੀ ਕਲਾਂ, ਹਰਨੇਕ ਸਿੰਘ ਮਹਿਮਾ, ਗੁਰਮੀਤ ਸਿੰਘ ਮਹਿਮਾ, ਰਮਿੰਦਰ ਪਟਿਆਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਅਵਤਾਰ ਸਿੰਘ ਮਹਿਮਾ, ਗੁਰਦੀਪ ਸਿੰਘ ਰਾਮਪੁਰਾ, ਹਰਿੰਦਰ ਕੌਰ ਬਿੰਦੂ, ਅੰਮ੍ਰਤਪਾਲ ਕੌਰ ਅਤੇ ਸ਼ਿੰਗਾਰਾ ਸਿੰਘ ਮਾਨ ਤੋਂ ਇਲਾਵਾ ਜ਼ਿਲ੍ਹਿਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।